ਬਰਨਾਲਾ 4 ਜੁਲਾਈ (ਨਿਰਮਲ ਸਿੰਘ ਪੰਡੋਰੀ)-
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇੱਕ ਠੇਕੇਦਾਰ ਦੀ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜ੍ਹਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਸਬੰਧੀ ਹੋਰ ਜਾਂਚ ਪ੍ਰਕਿਰਿਆ ਅਧੀਨ ਹੈ।