ਚੰਡੀਗੜ੍ਹ, 5 ਜੁਲਾਈ, Gee98 news service
ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਬਾਰਵੀਂ ਕਲਾਸ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਸਰਟੀਫਿਕੇਟ ਸੌਖਾ ਨਹੀਂ ਮਿਲੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਬਾਰਵੀਂ ਕਲਾਸ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਪਹਿਲਾਂ ਦੀ ਤਰ੍ਹਾਂ ਸਿਰਫ਼ ਪਾਸ ਹੋਣ ਤੋਂ ਬਾਅਦ ਸਰਟੀਫਿਕੇਟ ਨਹੀਂ ਦਿੱਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ 12ਵੀਂ ਕਰਨ ਵਾਲੇ ਹਰ ਵਿਦਿਆਰਥੀ ਲਈ ਇਹ ਲਾਜ਼ਮੀ ਕੀਤਾ ਜਾਵੇਗਾ ਕਿ ਉਹ ਕਿਸੇ ਬਿਜ਼ਨੈੱਸ ਆਇਡੀਆ ‘ਤੇ ਕੰਮ ਕਰੇ ਤੇ ਉਸ ਵਿੱਚ ਸਫ਼ਲਤਾ ਪ੍ਰਾਪਤ ਕਰੇ ਅਤੇ ਇਸ ਸਫ਼ਲਤਾ ਤੋਂ ਬਾਅਦ ਹੀ ਵਿਦਿਆਰਥੀ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ। ਦੂਜੇ ਪਾਸੇ ਸਿੱਖਿਆ ਮੰਤਰੀ ਬੈਂਸ ਦੇ ਇਸ ਐਲਾਨ ਦਾ ਸਵਾਗਤ ਕਰਦਿਆਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਆਪਣੇ-ਆਪ ਵਿਚ ਇਕ ਵੱਡਾ ਤੇ ਇਤਿਹਾਸਕ ਫੈਸਲਾ ਹੈ। ਸਿੱਖਿਆ ਮੰਤਰੀ ਬੈਂਸ ਦੇ ਐਲਾਨ ਤੋਂ ਤੁਰੰਤ ਬਾਅਦ ਹੀ ਮਨੀਸ਼ ਸਿਸੋਦੀਆ ਦੀ ਸਵਾਗਤੀ ਪੋਸਟ ਤੋਂ ਇਹ ਜ਼ਾਹਰ ਹੋ ਜਾਂਦਾ ਹੈ ਕਿ ਪੰਜਾਬ ਦੇ ਸਿੱਖਿਆ ਸਿਸਟਮ ਵਿੱਚ ਇਹ ਵੱਡੀ ਤਬਦੀਲੀ ਵੀ ਦਿੱਲੀ ਦੀ ਸਾਬਕਾ ਸਰਕਾਰ ਦੇ ਦਿੱਲੀ ਸਿੱਖਿਆ ਮਾਡਲ ਦਾ ਹੀ ਇੱਕ ਹਿੱਸਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਦਾ ਦਾਅਵਾ ਹੈ ਕਿ “ਇਸ ਨਾਲ ਇਹ ਪੱਕਾ ਹੋ ਜਾਵੇਗਾ ਕਿ ਜੋ ਵੀ ਵਿਦਿਆਰਥੀ ਪੜ੍ਹਾਈ ਕਰ ਕੇ ਨਿਕਲੇਗਾ, ਜੇਕਰ ਉਸਨੂੰ ਨੌਕਰੀ ਨਹੀਂ ਮਿਲਦੀ ਜਾਂ ਉਹ ਨੌਕਰੀ ਨਹੀਂ ਕਰਨਾ ਚਾਹੁੰਦਾ ਤਾਂ ਉਹ ਆਪਣਾ ਬਿਜ਼ਨੈੱਸ ਸਥਾਪਿਤ ਕਰ ਕੇ ਕਮਾਈ ਕਰ ਸਕੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਕਮਾਈ ਕਰਨ ਦੀ ਵੀ ਸਿਖਲਾਈ ਲੈਣਗੇ”।