Gee 98News

ਡੇਢ ਲੱਖ ਦੀ ਰਿਸ਼ਵਤ ਸਮੇਤ ਇੱਕ ਵਣ ਗਾਰਡ ਵਿਜੀਲੈਂਸ ਨੇ ਦਬੋਚਿਆ…ਵਣ ਰੇਂਜ ਅਫ਼ਸਰ ਦੀ ਭਾਲ ਜਾਰੀ

ਚੰਡੀਗੜ੍ਹ,2 ਸਤੰਬਰ, Gee98 news service

-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਦੇਵੀਗੜ੍ਹ ਰੋਡ, ਪਟਿਆਲਾ ਵਿਖੇ ਇੱਕ ਨਰਸਿੰਗ ਹੋਮ ਲਈ ਖਰੀਦੀ ਗਈ ਜ਼ਮੀਨ ਨਾਲ ਸਬੰਧਤ “ਕੋਈ ਇਤਰਾਜ਼ ਨਹੀਂ” (noc) ਸਰਟੀਫਿਕੇਟ ਜਾਰੀ ਕਰਨ ਬਦਲੇ ਇਹ ਰਿਸ਼ਵਤ ਮੰਗੀ ਗਈ ਸੀ, ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਉਕਤ ਮੁਲਜ਼ਮ ਅਮਨਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਮੌਕੇ ‘ਤੇ ਹੀ ਬਰਾਮਦ ਕਰ ਲਈ।

                                  ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਸਵਰਨ ਸਿੰਘ, ਵਣ ਰੇਂਜ ਅਫ਼ਸਰ, ਪਟਿਆਲਾ ਅਤੇ ਉਪਰੋਕਤ ਅਮਨਦੀਪ ਸਿੰਘ ਨੇ ਮਿਲ ਕੇ ਇਹ ਰਿਸ਼ਵਤ ਮੰਗੀ ਹੈ, ਜਿਸ ਦੀ ਅਗਲੇਰੀ ਜਾਂਚ ਜਾਰੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਬੀਐੱਨਐੱਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਦੂਜੇ ਸਹਿ-ਮੁਲਜ਼ਮ ਸਵਰਨ ਸਿੰਘ, ਵਣ ਰੇਂਜ ਅਫਸਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਫੋਟੋ ਕੈਪਸ਼ਨ-ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ ਵਣ ਗਾਰਡ ਵਿਜੀਲੈਂਸ ਦੇ ਅਧਿਕਾਰੀਆਂ ਦੀ ਟੀਮ ਨਾਲ

Gee98 Ads
error: Content is protected !!