ਬਰਨਾਲਾ, 29 ਸਤੰਬਰ, (ਨਿਰਮਲ ਸਿੰਘ ਪੰਡੋਰੀ)-
ਬਰਨਾਲਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਸਿਟੀ-2 ਦੀ ਪੁਲਿਸ ਨੇ ਲੁੱਟਾਂ ਖੋਹਾ ਕਰਨ ਵਾਲੇ ਇੱਕ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਚਰਨਜੀਤ ਸਿੰਘ ਨੇ ਦੱਸਿਆ ਕਿ ਮਾਨਯੋਗ ਐਸਐਸਪੀ ਸ੍ਰੀ ਮੁਹੰਮਦ ਸਰਫਰਾਜ ਆਲਮ ਜੀ ਦੀਆਂ ਹਦਾਇਤਾਂ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਰਾਜੀਵ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਕਾਰਵਾਈ ਕਰਦੇ ਹੋਏ ਚਾਰ ਅਜਿਹੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜੋ ਲੁੱਟਾਂ ਖੋਹਾਂ ਕਰਨ ਦੇ ਗੈਰ ਕਾਨੂੰਨੀ ਧੰਦੇ ਵਿੱਚ ਸ਼ਾਮਿਲ ਹਨ। ਉਹਨਾਂ ਦੱਸਿਆ ਕਿ ਇਹਨਾਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਵਿੱਚ ਗੁਰਦਿੱਤ ਸਿੰਘ ਉਰਫ ਰਿੰਕੂ ਪੁੱਤਰ ਕਰਤਾਰ ਸਿੰਘ ਵਾਸੀ ਦਸ਼ਮੇਸ਼ ਨਗਰ ਗਲੀ ਨੰਬਰ 6 ਬਰਨਾਲਾ, ਸੰਜੇ ਕੁਮਾਰ ਪੁੱਤਰ ਪੂਰਨ ਚੰਦ ਵਾਸੀ ਪ੍ਰੇਮ ਨਗਰ ਗਲੀ ਨੰਬਰ 7 ਬਰਨਾਲਾ, ਜਸਵਿੰਦਰ ਸਿੰਘ ਉਰਫ ਹੈਰੀ ਪੁੱਤਰ ਜਗਜੀਤ ਸਿੰਘ ਵਾਸੀ ਭਗਤ ਸਿੰਘ ਨਗਰ ਬਰਨਾਲਾ ਅਤੇ ਅਨਮੋਲ ਕੁਮਾਰ ਪੁੱਤਰ ਰਿੰਕੂ ਕੁਮਾਰ ਵਾਸੀ ਨੇੜੇ ਬਾਬਾ ਜੀਵਨ ਸਿੰਘ ਨਗਰ ਬਰਨਾਲਾ ਸ਼ਾਮਿਲ ਹਨ ਜਿਨਾਂ ਕੋਲੋਂ ਇੱਕ ਲੁੱਟਖੋਹ ਕੀਤਾ ਮੋਟਰਸਾਈਕਲ ਅਤੇ ਦੋ ਲੁੱਟ ਖੋਹ ਦੇ ਹੀ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਹਨਾਂ ਦੇ ਖ਼ਿਲਾਫ਼ ਮੁਕਦਮਾ ਨੰਬਰ 437 ਮਿਤੀ 28 ਸਤੰਬਰ 2025 ਵੱਖ ਵੱਖ ਧਾਰਾਵਾਂ ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਐਸਐਚਓ ਚਰਨਜੀਤ ਸਿੰਘ ਨੇ ਕਿਹਾ ਕਿ ਮਾਨਯੋਗ ਐਸਐਸਪੀ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।










