ਬਰਨਾਲਾ, 17 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
–ਬਰਨਾਲਾ ਜ਼ਿਲ੍ਹੇ ਵਿੱਚ ਪਾਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਅਤੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਵਾਸਤੇ ਟਰਾਈਡੈਂਟ ਗਰੁੱਪ ਨੇ ਇਕ ਮਹੱਤਵਪੂਰਨ ਪਹੁੰਚ ਕੀਤੀ ਹੈ। ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮ ਸ਼੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੰਪਨੀ ਦੇ ਐਡਮਿਨ ਹੈਡ ਰੁਪਿੰਦਰ ਗੁਪਤਾ ਨੇ CSR ਫੰਡ ਵਿੱਚੋਂ 5 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਟੀ. ਬੈਨਿਥ ਨੂੰ ਸੌਂਪਿਆ। ਇਹ ਰਕਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ-ਸਿਟੂ ਅਤੇ ਐਕਸ-ਸਿਟੂ ਪਾਰਾਲੀ ਪ੍ਰਬੰਧਨ ਪ੍ਰੋਜੈਕਟਾਂ ਲਈ ਵਰਤੀ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਮਸ਼ੀਨਰੀ ਦੀ ਉਪਲਬਧਤਾ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਚੈਕ ਪ੍ਰਾਪਤ ਕਰਦੇ ਸਮੇਂ ਟਰਾਈਡੈਂਟ ਗਰੁੱਪ ਅਤੇ ਖ਼ਾਸ ਤੌਰ ‘ਤੇ ਮੈਂਬਰ ਰਾਜ ਸਭਾ ਪਦਮ ਸ਼੍ਰੀ ਰਾਜਿੰਦਰ ਗੁਪਤਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਾਲੀ ਸਾੜਨ ਦੀ ਸਮੱਸਿਆ ਨਾ ਸਿਰਫ਼ ਹਵਾ ਪ੍ਰਦੂਸ਼ਣ ਵਧਾਉਂਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ‘ਤੇ ਵੀ ਨਕਾਰਾਤਮਕ ਪ੍ਰਭਾਵ ਪਾਂਦੀ ਹੈ। ਇਸ ਲਈ CSR ਰਾਹੀਂ ਮਿਲਣ ਵਾਲਾ ਸਹਿਯੋਗ ਸਥਿਰ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਸਾਫ਼ ਵਾਤਾਵਰਣ ਬਣਾਉਣ ਲਈ ਬਹੁਤ ਜ਼ਰੂਰੀ ਹੈ। ਸ੍ਰੀ ਰੁਪਿੰਦਰ ਗੁਪਤਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਸਮਾਜਿਕ ਤੇ ਵਾਤਾਵਰਣਕ ਜਿੰਮੇਵਾਰੀਆਂ ਨੂੰ ਹਮੇਸ਼ਾਂ ਗੰਭੀਰਤਾ ਨਾਲ ਨਿਭਾਉਂਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜਿੰਦਰ ਗੁਪਤਾ ਦੀ ਰਹਿਨੁਮਾਈ ਹੇਠ ਕੰਪਨੀ ਵੱਲੋਂ ਸਿੱਖਿਆ, ਸਿਹਤ, ਪਾਣੀ ਸੰਭਾਲ ਤੇ ਹਰਿਆਲੀ ਮੁਹਿੰਮਾਂ ‘ਚ ਵੀ ਯੋਗਦਾਨ ਦਿੱਤਾ ਜਾ ਰਿਹਾ ਹੈ।
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਟੀ. ਬੈਨਿਥ ਨੂੰ ਟਰਾਈਡੈਂਟ ਗਰੁੱਪ ਦੇ ਐਡਮਿਨ ਹੈਡ ਰੁਪਿੰਦਰ ਗੁਪਤਾ ਵੱਲੋਂ 5 ਲੱਖ ਰੁਪਏ ਦਾ CSR ਚੈਕ ਸੌਂਪਦੇ ਹੋਏ।










