ਬਰਨਾਲਾ, 20 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਸਰਕਾਰ ਵੱਲੋਂ ਸੂਬੇ ਦੀ ਮਾੜੀ ਵਿੱਤੀ ਹਾਲਤ ਦੇ ਕਾਰਨ ਵੱਖ-ਵੱਖ ਵਿਭਾਗਾਂ ਦੀਆਂ ਕੀਮਤੀ ਜਾਇਦਾਦਾਂ ਨੂੰ ਵੇਚਣ ਦਾ ਸਿਲਸਿਲਾ ਬਰਨਾਲੇ ਤੱਕ ਵੀ ਪੁੱਜ ਗਿਆ ਹੈ। ਪੰਜਾਬ ਸਰਕਾਰ ਦੇ ਅਦਾਰੇ ਮੰਡੀ ਬੋਰਡ ਪੰਜਾਬ ਨੇ ਬਰਨਾਲਾ ਦੇ ਫਰਵਾਹੀ ਬਾਜ਼ਾਰ ਵਿੱਚ ਆਪਣੀ ਇੱਕ ਬੇਸ਼ਕੀਮਤੀ ਜਗ੍ਹਾ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮਾਰਕੀਟ ਕਮੇਟੀ ਬਰਨਾਲਾ ਵੱਲੋਂ ਸ਼ਹਿਰ ਵਿੱਚ ਕਰਵਾਈ ਅਨਾਊਂਸਮੈਂਟ ਅਨੁਸਾਰ ਫਰਵਾਹੀ ਬਾਜ਼ਾਰ ਵਿੱਚ ਮਾਰਕੀਟ ਕਮੇਟੀ ਦੀ ਕੀਮਤੀ ਜਗ੍ਹਾ (ਮੁੱਖ ਖੇਤੀਬਾੜੀ ਵਾਲੇ ਦਫ਼ਤਰ) ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚਿਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ 17 ਅਕਤੂਬਰ ਤੋਂ 31 ਅਕਤੂਬਰ ਤੱਕ ਈ-ਨਿਲਾਮੀ ਰਾਹੀਂ ਇਸ ਜਗ੍ਹਾ ਨੂੰ ਵੇਚਿਆ ਜਾਵੇਗਾ। ਦੂਜੇ ਪਾਸੇ ਸ਼ਹਿਰ ਵਿੱਚ ਇਹ ਜਗ੍ਹਾ ਵੇਚਣ ਸਬੰਧੀ ਚਰਚਾ ਸ਼ੁਰੂ ਹੋ ਗਈ ਹੈ ਕਿ ਸੂਬੇ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸਰਕਾਰੀ ਜਾਇਦਾਦਾਂ ਨੂੰ ਵੇਚਣ ‘ਤੇ ਹੱਲਾ ਗੁੱਲਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਵਿਕਾਊ ਕੀਤਾ ਹੋਇਆ ਹੈ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਦੀ ਕੀਮਤੀ ਜਾਇਦਾਦਾਂ ਨੂੰ ਵੇਚਣ ਦੇ ਸਿਲਸਲੇ ਨੂੰ ਚਿੰਤਾਜਨਕ ਦੱਸਦੇ ਹੋਏ ਪੰਜਾਬ ਦੇ ਭਵਿੱਖ ਲਈ ਖਤਰਨਾਕ ਰੁਝਾਨ ਮੰਨਿਆ ਹੈ। ਬਰਨਾਲਾ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਬਾਗੀ ਆਗੂ ਗੁਰਦੀਪ ਸਿੰਘ ਬਾਠ ਨੇ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਪੰਜਾਬ ਦੀਆਂ ਕੀਮਤੀ ਜਾਇਦਾਦਾਂ ਵੇਚਣ ਦੇ ਸਰਕਾਰ ਦੇ ਫੈਸਲੇ ਖ਼ਿਲਾਫ਼ ਉੱਠਣ ਦਾ ਸੱਦਾ ਦਿੱਤਾ ਹੈ। ਬਾਠ ਨੇ ਕਿਹਾ ਕਿ ਸਰਕਾਰ ਨੇ ਮਾਰਕੀਟ ਕਮੇਟੀ ਦੀਆਂ ਪੁਰਾਣੀਆਂ ਇਮਾਰਤਾਂ/ਸਾਈਟਾਂ ਵੇਚਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਅਸੀਂ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ।
ਉਹਨਾਂ ਕਿਹਾ ਕਿ ਸਿਰਫ਼ ਤੇ ਸਿਰਫ਼ ਰੇਤੇ ਤੋਂ 20 ਹਜ਼ਾਰ ਕਰੋੜ ਦੀ ਕਮਾਈ ਕਰਨ ਦੇ ਦਮਗਜੇ ਮਾਰਨ ਵਾਲੀ ਸਰਕਾਰ ਆਪਣਾ ਖਾਲੀ ਖ਼ਜ਼ਾਨਾ ਭਰਨ ਲਈ ਆਮ ਲੋਕਾਂ ਦੀ ਕਮਾਈ ਵਿੱਚੋਂ ਖਰੀਦੀਆਂ ਸਰਕਾਰੀ ਬਿਲਡਿੰਗਾਂ ਵੇਚਣ ਲਈ ਤਰਲੋਮੱਛੀ ਹੋ ਰਹੀ ਹੈ। ਸਰਕਾਰ ਵੱਲੋਂ ਪੂਰੇ ਪੰਜਾਬ ‘ਚ ਵੱਖ-ਵੱਖ ਬੇਸ਼ਕੀਮਤੀ ਜਾਇਦਾਦਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਜਿਸ ਵਿੱਚ ਹਲਕਾ ਬਰਨਾਲਾ ਦੇ ਫਰਵਾਹੀ ਬਾਜ਼ਾਰ ਵਿੱਚ ਸਥਿਤ ਖੇਤੀਬਾੜੀ ਵਿਭਾਗ ਦੇ ਦਫ਼ਤਰ ਨੂੰ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬਾਠ ਨੇ ਬਰਨਾਲੇ ਦੀਆਂ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਰਲ ਮਿਲ ਕੇ ਸਰਕਾਰ ਦੀਆਂ ਇਹਨਾਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾਵੇ। ਦੂਜੇ ਪਾਸੇ ਬਰਨਾਲੇ ਦੀਆਂ ਧਾਰਮਿਕ, ਵਪਾਰਕ ਤੇ ਸਮਾਜਿਕ ਜਥੇਬੰਦੀਆਂ ਨੇ ਕਿਹਾ ਕਿ ਫਰਵਾਹੀ ਬਾਜ਼ਾਰ ਵਾਲਾ ਮੁੱਖ ਖੇਤੀਬਾੜੀ ਦਫਤਰ ਪਾਰਕਿੰਗ ਲਈ ਪੂਰੀ ਤਰ੍ਹਾਂ ਢੁਕਵਾਂ ਹੈ ਜਿਸ ਨਾਲ ਬਰਨਾਲਾ ਸ਼ਹਿਰ ਦੀ ਪਾਰਕਿੰਗ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। ਹੁਣ ਵੇਖਣਾ ਹੋਵੇਗਾ ਕਿ ਬਰਨਾਲਾ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਸ਼ਹਿਰ ਦੇ ਲੋਕਾਂ ਦੀ ਮੰਗ ਵੱਲ ਧਿਆਨ ਦਿੰਦੇ ਹਨ ਜਾਂ ਫਿਰ ਲੋਕਾਂ ਦੇ ਵਿਰੋਧ ਅਤੇ ਮੰਗ ਨੂੰ ਅੱਖੋਂ ਪਰੋਖੇ ਕਰਕੇ ਸਰਕਾਰ ਦਾ ਖਾਲੀ ਪੀਪਾ ਭਰਨ ਵੱਲ ਕਦਮ ਚੁੱਕਿਆ ਜਾਵੇਗਾ।











