ਚੰਡੀਗੜ੍ਹ ,28 ਅਕਤੂਬਰ, Gee98 News service-
-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਰਾਰਾ ਝਟਕਾ ਦਿੰਦੇ ਹੋਏ ਉਹਨਾਂ ਨੂੰ ਹੇਠਲੀ ਅਦਾਲਤ ਵੱਲੋਂ ਦਿੱਤੀ ਸਜ਼ਾ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਵਿਧਾਇਕ ਲਾਲਪੁਰਾ ਨੇ ਉਹਨਾਂ ਨੂੰ ਹੇਠਲੀ ਅਦਾਲਤ ਵੱਲੋਂ ਛੇੜਛਾੜ ਦੇ ਇੱਕ ਮਾਮਲੇ ਵਿੱਚ ਸੁਣਾਈ ਗਈ ਚਾਰ ਸਾਲ ਦੀ ਸਜ਼ਾ ‘ਤੇ ਰੋਕ ਲਗਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਟੀਸ਼ਨ ਦਾਇਰ ਕੀਤੀ ਸੀ ਪ੍ਰੰਤੂ ਹਾਈਕੋਰਟ ਨੇ ਲਾਲਪੁਰਾ ਨੂੰ ਕੋਈ ਰਾਹਤ ਨਹੀਂ ਦਿੱਤੀ। ਵਿਧਾਇਕ ਲਾਲਪੁਰਾ ਦੇ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਹਾਈਕੋਰਟ ਨੇ ਕਿਹਾ ਕਿ ਅਜੇ ਤੱਕ ਲਾਲਪੁਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਦੀ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਕਿ ਇਸ ਲਈ ਅਜਿਹੇ ਹਾਲਾਤਾਂ ‘ਚ ਤਤਕਾਲ ਦਖ਼ਲ ਅੰਦਾਜ਼ੀ ਦੀ ਲੋੜ ਨਹੀਂ ਹੈ। ਵਿਧਾਇਕ ਲਾਲਪੁਰਾ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਜੇਕਰ ਸਜ਼ਾ ‘ਤੇ ਸਟੇਅ ਨਹੀਂ ਹੋਇਆ ਤਾਂ ਉਹਨਾਂ ਦੀ ਵਿਧਾਨ ਸਭਾ ਦੀ ਮੈਂਬਰੀ ਆਪਣੇ ਆਪ ਹੀ ਰੱਦ ਹੋ ਸਕਦੀ ਹੈ ਅਤੇ ਖੇਤਰ ਵਿੱਚ ਨਵੇਂ ਸਿਰੇ ਤੋਂ ਚੋਣ ਕਰਵਾਉਣ ਦੀ ਨੌਬਤ ਆ ਜਾਵੇਗੀ, ਜਿਸ ‘ਤੇ ਅਦਾਲਤ ਨੇ ਸਖ਼ਤ ਟਿੱਪਣੀ ਕਰਦੇ ਹੋਏ ਪੁੱਛਿਆ ਕਿ ਜਦੋਂ ਵਿਧਾਨ ਸਭਾ ਮੈਂਬਰੀ ਰੱਦ ਕਰਨ ਲਈ ਕੋਈ ਕਦਮ ਨਹੀਂ ਉਠਾਇਆ ਗਿਆ ਤਾਂ ਜਲਦੀ ਕਿਸ ਗੱਲ ਦੀ ਹੋ ਰਹੀ ਹੈ। ਹਾਈ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਮਹੀਨੇ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਪੰਜਾਬ ਸਰਕਾਰ ਨੂੰ ਹੁਕਮ ਵੀ ਦਿੱਤੇ ਹਨ ਕਿ ਅਗਲੀ ਤਰੀਕ ਤੱਕ ਇਸ ਕੇਸ ਦਾ ਪੂਰਾ ਰਿਕਾਰਡ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।










