ਚੰਡੀਗੜ੍ਹ ,3 ਨਵੰਬਰ , Gee98 news service-
-ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਬਾਅਦ ਅਸਮਾਨ ਵਿੱਚ ਚੜੇ ਧੂੰਏਂ ਤੋਂ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਪੰਜਾਬ ਦੇ ਮੌਸਮ ਵਿਭਾਗ ਅਨੁਸਾਰ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ ਜਿਸ ਕਾਰਨ 5 ਅਤੇ 6 ਨਵੰਬਰ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ਤੇਜ਼ੀ ਨਾਲ ਘਟੇਗਾ। ਦੂਜੇ ਪਾਸੇ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਇਸ ਵਾਰ ਪੰਜਾਬ ਵਿੱਚ ਸਖ਼ਤ ਠੰਢ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਇਸ ਵੇਲੇ ਪੰਜਾਬ ਵਿੱਚ ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਢ ਪੈ ਰਹੀ ਹੈ ਅਤੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਤੱਕ ਠੰਢ ਤੇਜ਼ ਹੋਣੀ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਘੱਟ ਜਾਵੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਜੇਕਰ ਪੰਜਾਬ ‘ਚ 5 ਅਤੇ 6 ਨਵੰਬਰ ਨੂੰ ਮੀਂਹ ਪੈਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਪੰਜਾਬ ‘ਚ ਠੰਡ ਦਾ ਸੀਜ਼ਨ ਸ਼ੁਰੂ ਹੋ ਜਾਵੇਗਾ।










