-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਆਹਮੋ ਸਾਹਮਣੇ ਹੋ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਤਰਨਤਾਰਨ ਦੇ ਜ਼ਿਲ੍ਹਾ ਚੋਣ ਅਫ਼ਸਰ ਅਤੇ ਸਹਾਇਕ ਚੋਣ ਅਫ਼ਸਰ ਨੂੰ ਤਲਬ ਕਰਨ ਦੇ ਫੈਸਲੇ ਨੂੰ ਗ਼ਲਤ ਦੱਸਦੇ ਹੋਏ ਵਾਪਸ ਲੈਣ ਲਈ ਪੱਤਰ ਲਿਖਿਆ ਹੈ। ਦੱਸ ਦੇਈਏ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕਾਂਗਰਸੀ ਆਗੂ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਜਿਲਾ ਚੋਣ ਅਫ਼ਸਰ ਅਤੇ ਸਹਾਇਕ ਚੋਣ ਅਫ਼ਸਰ ਨੂੰ ਤਲਬ ਕੀਤਾ ਹੈ। ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਬੀਤੇ ਕੱਲ ਖੁਦ ਹਾਜ਼ਰ ਨਹੀਂ ਹੋਏ ਪਰ ਉਹਨਾਂ ਦਾ ਸਟਾਫ਼ ਹਾਜ਼ਰ ਹੋਇਆ ਸੀ ਜਿਸ ਨੂੰ ਲੈ ਕੇ ਕਮਿਸ਼ਨ ਨੇ ਕਾਫੀ ਨਾਰਾਜ਼ਗੀ ਪ੍ਰਗਟ ਕੀਤੀ ਸੀ। ਕਮਿਸ਼ਨ ਨੇ ਇਸ ਮਾਮਲੇ ਵਿੱਚ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੂੰ ਤਲਬ ਕੀਤਾ ਹੋਇਆ ਹੈ। ਹੁਣ ਮੁੱਖ ਚੋਣ ਅਫਸਰ ਸਿਬਨ ਸੀ ਨੇ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਭਾਰਤੀ ਸੰਵਿਧਾਨ ਅਤੇ ਪੀਪਲਜ ਐਕਟ ਦੀਆਂ ਧਰਾਵਾਂ ਦਾ ਹਵਾਲਾ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਸਿੱਧਾ ਅਧਿਕਾਰ ਚੋਣ ਕਮਿਸ਼ਨ ਕੋਲ ਹੈ। ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਮਾਮਲੇ ਨੂੰ ਲੈ ਕੇ ਕੋਈ ਵੀ ਕਾਰਵਾਈ ਚੋਣ ਕਮਿਸ਼ਨ ਵੱਲੋਂ ਕੀਤੀ ਜਾਂਦੀ ਹੈ, ਉਹਨਾਂ ਕਮਿਸ਼ਨ ਦੇ ਦੇ ਫੈਸਲੇ ਨੂੰ ਚੋਣ ਕਮਿਸ਼ਨ ਦੇ ਮਾਮਲੇ ਵਿੱਚ ਦਖਲ ਅੰਦਾਜ਼ੀ ਦੱਸਿਆ ਹੈ। ਮੁੱਖ ਚੋਣ ਅਫ਼ਸਰ ਨੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸਮੁੱਚੇ ਪ੍ਰਬੰਧ ਕੀਤੇ ਜਾ ਰਹੇ ਹਨ ਇਸ ਕਰਕੇ ਉਨਾਂ ਨੂੰ ਤਲਬ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਇਸ ਪੱਤਰ ਤੋਂ ਬਾਅਦ ਹੁਣ ਨਜ਼ਰਾਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਤੇ ਫੈਸਲੇ ‘ਤੇ ਟਿਕ ਗਈਆਂ ਹਨ।










