ਬਰਨਾਲਾ ,3 ਦਸੰਬਰ , (ਨਿਰਮਲ ਸਿੰਘ ਪੰਡੋਰੀ)-
-ਪੰਜਾਬ ‘ਚ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ “ਨੋ ਓਬਜੈਕਸ਼ਨ ਸਰਟੀਫਿਕੇਟ” (NOC) ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਚੋਨਾਂ ਅਧਿਕਾਰੀ ਨੇ ਅਹਿਮ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਾ ਕਹਿਣਾ ਹੈ ਕਿ ਜੇਕਰ ਕਿਸੇ ਉਮੀਦਵਾਰ ਨੂੰ ਸਮੇਂ ਸਿਰ “ਨੋ ਓਬਜੈਕਸ਼ਨ ਸਰਟੀਫਿਕੇਟ” (NOC) ਨਹੀਂ ਮਿਲਦਾ ਤਾਂ ਉਹ ਆਪਣੇ ਨਾਮਜ਼ਦਗੀ ਪੱਤਰਾਂ ਨਾਲ ਇੱਕ ਬਿਆਨ ਹਲਫੀਆ ਵੀ ਲਗਾ ਸਕਦਾ ਹੈ। ਦੱਸ ਦੇਈਏ ਕਿ ਪੰਚਾਇਤ ਚੋਣਾਂ ਦੌਰਾਨ ਵੱਡੇ ਪੱਧਰ ‘ਤੇ ਅਜਿਹੇ ਮਾਮਲੇ ਸਾਹਮਣੇ ਆਏ ਸਨ ਜਿੱਥੇ ਪੰਜਾਬ ਦੀ ਸੱਤਾਧਾਰੀ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਬੀਡੀਪੀਓਜ਼ ਵੱਲੋਂ “ਨੋ ਓਬਜੈਕਸ਼ਨ ਸਰਟੀਫਿਕੇਟ” ਜਾਰੀ ਨਹੀਂ ਕੀਤੇ ਗਏ ਸਨ ਅਤੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਵੀ ਅਜਿਹੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਮੁੱਖ ਚੋਣ ਅਧਿਕਾਰੀ ਕੋਲ ਇਹ ਮੁੱਦਾ ਚੁੱਕਿਆ ਸੀ ਜਿਸ ਦਾ ਨੋਟਿਸ ਲੈਂਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣਾਂ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ “ਨੋ ਓਬਜੈਕਸ਼ਨ ਸਰਟੀਫਿਕੇਟ” ਨਾ ਹੋਣ ਦੀ ਸੂਰਤ ਵਿੱਚ ਕੋਈ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰਾਂ ਨਾਲ ਬਿਆਨ ਹਲਫ਼ੀਆ ਲਗਾ ਸਕਦਾ ਹੈ । ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ, ਭਾਜਪਾ ਦੇ ਆਗੂਆਂ ਨੇ ਆਪਣੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸੰਬੰਧਿਤ ਬਲਾਕ ਵਿਕਾਸ ਪੰਚਾਇਤ ਅਫਸਰ ਕੋਲ “ਨੋ ਓਬਜੈਕਸ਼ਨ ਸਰਟੀਫਿਕੇਟ” ਲਈ ਅਪਲਾਈ ਕਰਨ ਅਤੇ ਉਸਦੀ ਨਕਲ ਆਪਣੇ ਕੋਲ ਰੱਖਣ ਜੇਕਰ ਉਹਨਾਂ ਨੂੰ ਸਮੇਂ ਸਿਰ ਸਰਟੀਫਿਕੇਟ ਨਹੀਂ ਦਿੱਤਾ ਜਾਂਦਾ ਤਾਂ ਉਹ ਆਪਣੇ ਨਾਮਜ਼ਦਗੀ ਪੱਤਰਾਂ ਨਾਲ ਬਿਆਨ ਹਲਫ਼ੀਆ ਲਗਾਉਣ ਅਤੇ ਉਸ ਦਾ ਸਬੂਤ ਆਪਣੇ ਕੋਲ ਵੀ ਰੱਖਣ ।











