ਬਰਨਾਲਾ,5 ਦਸੰਬਰ, (ਨਿਰਮਲ ਸਿੰਘ ਪੰਡੋਰੀ)-
-ਆਲ ਇੰਡੀਆ ਆਂਗਣਵਾੜੀ ਵਰਕਰਜ਼ ਫੈਡਰੇਸ਼ਨ ਦੇ ਸੱਦੇ ‘ਤੇ 8 ਦਸੰਬਰ ਨੂੰ ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਲੁਧਿਆਣਾ ਵਿਖੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਸੀਟੂ ਨਾਲ ਸੰਬੰਧਿਤ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਬਲਰਾਜ ਕੌਰ, ਜਨਰਲ ਸਕੱਤਰ ਰੁਪਿੰਦਰ ਬਾਵਾ ਅਤੇ ਵਿੱਤ ਸਕੱਤਰ ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਮੁਲਾਜ਼ਮਾਂ ਦੀਆਂ ਸਰਕਾਰਾਂ ਵੱਲੋਂ ਪਹਿਲਾਂ ਤੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਤੇ ਹੋਰ ਭੱਖਦੀਆਂ ਮੰਗਾਂ ਮਨਵਾਉਣ ਲਈ ਅੱਠ ਦਸੰਬਰ ਨੂੰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਗਿੱਲ ਰੋਡ ਸਥਿਤ ਲੁਧਿਆਣਾ ਦਫ਼ਤਰ ਦੇ ਸਾਹਮਣੇ ਇਕ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ। ਉਨਾਂ ਸੂਬੇ ਦੀਆਂ ਸਾਰੀਆਂ ਆਂਗਣਵਾੜੀ ਮੁਲਾਜ਼ਮਾਂ ਤੇ ਭਰਾਤਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਂਗਣਵਾੜੀ ਮੁਲਾਜ਼ਮਾਂ ਦੇ ਸੰਘਰਸ਼ ਵਿੱਚ ਸਾਥ ਦੇ ਕੇ ਸਰਕਾਰਾਂ ਨੂੰ ਝੁਕਣ ਲਈ ਮਜਬੂਰ ਕਰਨ ਤਾਂ ਜੋ ਆਂਗਣਵਾੜੀ ਮੁਲਾਜ਼ਮਾਂ ਦੀਆਂ ਹੱਕੀ ਤੇ ਹਿੱਤੀ ਮੰਗਾਂ ਨੂੰ ਮਨਵਾਇਆ ਜਾ ਸਕੇ। ਉਕਤ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਆਂਗਣਵਾੜੀ ਮੁਲਾਜ਼ਮਾਂ ਨੂੰ ਬਣਦੀ ਨੌਕਰੀ ਤੋਂ ਇਲਾਵਾ ਵਾਧੂ ਡਿਊਟੀ ਦੇ ਭਾਰ ਤੋਂ ਮੁਕਤ ਕਰਨ ਲਈ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ, ਇਸ ਤੋਂ ਇਲਾਵਾ ਮਾਨਯੋਗ ਸੁਪਰੀਮ ਕੋਰਟ ਅਤੇ ਦੇਸ਼ ਦੀਆਂ ਵੱਖ-ਵੱਖ ਹਾਈ ਕੋਰਟਾਂ ਵੱਲੋਂ ਗ੍ਰੈਚੁਟੀ ਦਿੱਤੇ ਜਾਣ ਦੇ ਫੈਸਲੇ ਨੂੰ ਫੌਰੀ ਤੌਰ ‘ਤੇ ਲਾਗੂ ਕਰਵਾਉਣ ਅਤੇ ਸਮਾਰਟਫੋਨ ਦਿੱਤੇ ਬਿਨਾਂ FSR ਦੀ ਯੋਜਨਾ ਨੂੰ ਬੰਦ ਕਰਵਾਉਣ ਸਮੇਤ ਛੇ ਸਾਲ ਤੱਕ ਦੀ ਉਮਰ ਦੇ ਬੱਚੇ ਆਂਗਨਵਾੜੀ ਸੈਂਟਰਾਂ ਵਿੱਚ ਵਾਪਸ ਲਿਆਉਣ ਵਰਗੀਆਂ ਅਨੇਕਾਂ ਅਜਿਹੀਆਂ ਮੰਗਾਂ ਹਨ ਜਿਨਾਂ ਸੰਬੰਧੀਆਂ ਆਂਗਨਵਾੜੀ ਮੁਲਾਜ਼ਮਾਂ ਵੱਲੋਂ ਵੱਲੋਂ ਕੇਂਦਰ ਅਤੇ ਰਾਜ ਸਰਕਾਰਾਂ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰਾਂ ਇਹਨਾਂ ਮੰਗਾਂ ਨੂੰ ਲਾਗੂ ਕਰਨ ਵਿੱਚ ਟਾਲ ਮਟੋਲ ਕਰ ਰਹੀਆਂ ਨੇ ਜਿਸ ਕਰਕੇ ਆਂਗਨਵਾੜੀ ਮੁਲਾਜ਼ਮਾਂ ਸੰਘਰਸ਼ ਦੇ ਰਾਹ ‘ਤੇ ਹਨ। ਉਕਤ ਆਗੂਆਂ ਨੇ ਪੰਜਾਬ ਰਾਜ ਦੀਆਂ ਸਾਰੀਆਂ ਆਂਗਣਵਾੜੀ ਮੁਲਾਜ਼ਮਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੂੰ 8 ਦਸੰਬਰ ਨੂੰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਦਫ਼ਤਰ ਅੱਗੇ ਹੋ ਰਹੀ ਵਿਸ਼ਾਲ ਰੈਲੀ ‘ਚ ਪਹੁੰਚਣ ਦੀ ਅਪੀਲ ਕੀਤੀ।










