ਬਰਨਾਲਾ ,12 ਦਸੰਬਰ , Gee98 news service
-ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਅੱਜ ਚੋਣ ਪ੍ਰਚਾਰ ਦਾ ਆਖ਼ਰੀ ਦਿਨ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਨੇ ਚੋਣ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ। ਵਿਰੋਧੀ ਪਾਰਟੀਆਂ ਵੱਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਚੋਣ ਪ੍ਰਚਾਰ ਦਾ ਆਧਾਰ ਬਣਾਇਆ ਜਾ ਰਿਹਾ ਉੱਥੇ ਦੂਜੇ ਪਾਸੇ ਸੱਤਾਧਾਰੀ ਪਾਰਟੀ ਦੇ ਆਗੂਆਂ ਵੱਲੋਂ ਚੋਣਾਂ ਜਿੱਤਣ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ। ਇਸੇ ਦੌਰਾਨ ਵਿਧਾਨ ਸਭਾ ਹਲਕਾ ਮਹਿਲ ਕਲਾਂ ‘ਚ ਸੱਤਾਧਾਰੀ ਪਾਰਟੀ ਦੇ ਆਗੂਆਂ ਵੱਲੋਂ ਸ਼ਰੇਆਮ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਪ੍ਰੀਸ਼ਦ ਜੋਨ ਠੀਕਰੀਵਾਲ ਦੇ ਪਿੰਡ ਬਖਤਗੜ੍ਹ ਵਿਖੇ ਹਲਕਾ ਵਿਧਾਇਕ ਨੇ ਆਪਣੇ ਪਾਰਟੀ ਉਮੀਦਵਾਰ ਦੇ ਹੱਕ ‘ਚ ਬੀਤੇ ਕੱਲ੍ਹ ਪਿੰਡ ਬਖਤਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਹੀ ਚੋਣ ਮੀਟਿੰਗ ਕੀਤੀ, ਇਸ ਮੌਕੇ ਹਲਕਾ ਵਿਧਾਇਕ ਨੇ ਪਿੰਡ ਦੇ ਲੋਕਾਂ ਦੇ ਇਕੱਠ ‘ਚ ਆਪਣੀ ਪਾਰਟੀ ਦੀ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਚੋਣ ਜ਼ਾਬਤੇ ਦੇ ਨਿਯਮਾਂ ਅਨੁਸਾਰ ਕਿਸੇ ਸਰਕਾਰੀ ਇਮਾਰਤ ਦੀ ਕੰਧ ਉੱਪਰ ਪੋਸਟਰ/ਝੰਡਾ ਤੱਕ ਵੀ ਨਹੀਂ ਲਗਾਇਆ ਜਾ ਸਕਦਾ ਜਦਕਿ ਹਲਕਾ ਵਿਧਾਇਕ ਨੇ ਤਾਂ ਸਰਕਾਰੀ ਸਕੂਲ ਦੇ ਵਿਹੜੇ ‘ਚ ਇੱਕ ਵੱਡੀ ਚੋਣ ਮੀਟਿੰਗ ਹੀ ਕਰ ਦਿੱਤੀ। ਹਲਕਾ ਵਿਧਾਇਕ ਵੱਲੋਂ ਚੋਣ ਜ਼ਾਬਤੇ ਦੀਆਂ ਸ਼ਰੇਆਮ ਉਡਾਈਆਂ ਜਾ ਰਹੀਆਂ ਧੱਜੀਆਂ ਸਬੰਧੀ ਠੀਕਰੀਵਾਲ ਜ਼ਿਲ੍ਹਾ ਪ੍ਰੀਸ਼ਦ ਜੋਨ ਤੋਂ ਕਾਂਗਰਸ ਤੋਂ ਉਮੀਦਵਾਰ ਸੁਖਪਾਲ ਸਿੰਘ ਬਖਤਗੜ੍ਹ ਨੇ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣ ਆਬਜ਼ਰਵਰ ਨੂੰ ਸ਼ਿਕਾਇਤ ਕਰਕੇ ਸੱਤਾਧਾਰੀ ਪਾਰਟੀ ਦੇ ਆਗੂਆਂ ਅਤੇ ਉਮੀਦਵਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸੁਖਪਾਲ ਸਿੰਘ ਬਖਤਗੜ੍ਹ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਹਲਕਾ ਵਿਧਾਇਕ ਵੱਲੋਂ ਸ਼ਰੇਆਮ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜਿਹੜੇ ਲੋਕ ਖੁਦ ਸ਼ਰੇਆਮ ਕਾਨੂੰਨ ਤੋੜਦੇ ਹਨ ਉਹ ਕਾਨੂੰਨ ਦੀ ਪਾਲਣਾ ਅਤੇ ਸੰਵਿਧਾਨ ਦੀ ਰੱਖਿਆ ਸਬੰਧੀ ਲੋਕਾਂ ਨੂੰ ਕੀ ਸੇਧ ਦੇ ਸਕਦੇ ਹਨ। ਸੁਖਪਾਲ ਸਿੰਘ ਬਖਤਗੜ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ‘ਚ ਲੋਕਾਂ ਦੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵਿਰੋਧੀ ਰੁਝਾਨ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੁਖਲਾਹਟ ਵਿੱਚ ਹਨ ਅਤੇ ਉਹਨਾਂ ਨੂੰ ਇਹ ਵੀ ਨਹੀਂ ਪਤਾ ਲੱਗ ਰਿਹਾ ਕਿ ਉਹ ਕਿਹੜੀ ਜਗ੍ਹਾ ‘ਤੇ ਚੋਣ ਮੀਟਿੰਗ ਕਰ ਰਹੇ ਹਨ।
ਫੋਟੋ ਕੈਪਸ਼ਨ-ਪਿੰਡ ਬਖਤਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ‘ਆਪ’ ਦੀ ਚੋਣ ਮੀਟਿੰਗ ਦੀ ਤਸਵੀਰ









