ਚੰਡੀਗੜ੍ਹ ,16 ਦਸੰਬਰ , Gee98 News service-
-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਾਲੇ ਦਿਨ ਮੋਗਾ ਜ਼ਿਲ੍ਹੇ ਵਿੱਚ ਚੋਣ ਡਿਊਟੀ ‘ਤੇ ਜਾ ਰਹੇ ਅਧਿਆਪਕ ਪਤੀ-ਪਤਨੀ ਦੀ ਇੱਕ ਹਾਦਸੇ ਵਿੱਚ ਮੌਤ ਹੋ ਜਾਣ ਤੋਂ ਬਾਅਦ ਅਧਿਆਪਕ ਜਥੇਬੰਦੀਆਂ ਵਿੱਚ ਡਾਹਢਾ ਰੋਸ ਹੈ ਅਤੇ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਚੋਣ ਅਧਿਕਾਰੀ ਦੇ ਖ਼ਿਲਾਫ਼ ਪ੍ਰਦਰਸ਼ਨ ਦਾ ਐਲਾਨ ਵੀ ਕੀਤਾ ਹੈ। ਬੀਤੇ ਕੱਲ੍ਹ ਅਧਿਆਪਕ ਜੋੜੇ ਦੀਆਂ ਲਾਸ਼ਾਂ ਦੇ ਪੋਸਟਮਾਰਟਮ ਤੋਂ ਬਾਅਦ ਪਿੰਡ ਧੂੜਕੋਟ ਰਣਸੀਹ ਦੇ ਸ਼ਮਸ਼ਾਨ ਘਾਟ ਵਿੱਚ ਇੱਕੋ ਸਿਵੇ ‘ਤੇ ਅਧਿਆਪਕ ਜੋੜੇ ਦਾ ਜਦੋਂ ਸਸਕਾਰ ਕੀਤਾ ਗਿਆ ਤਾਂ ਸਮੁੱਚਾ ਪਿੰਡ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਧਾਹਾਂ ਮਾਰ ਰਹੇ ਸਨ ਅਤੇ ਸਾਡੇ ਮੁਲਕ ਦੇ ਸਿਸਟਮ ਨੂੰ ਕੋਸ ਰਹੇ ਸਨ। ਇਸ ਮੌਕੇ ਇਕੱਤਰ ਲੱਗਭੱਗ ਸਾਰੀਆਂ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਇਸ ਹਾਦਸੇ ਲਈ ਪ੍ਰਸ਼ਾਸਨਿਕ ਸਿਸਟਮ ਨੂੰ ਜ਼ਿੰਮੇਵਾਰ ਦੱਸਿਆ। ਚੋਣ ਡਿਊਟੀ ‘ਤੇ ਜਾ ਰਹੇ ਅਧਿਆਪਕ ਪਤੀ ਪਤਨੀ ਨਾਲ ਵਾਪਰੇ ਇਸ ਦਰਦਨਾਕ ਹਾਦਸੇ ਤੋਂ ਬਾਅਦ ਪ੍ਰਮੁੱਖ ਅਧਿਆਪਕ ਜਥੇਬੰਦੀਆਂ ਨੇ ਹੰਗਾਮੀ ਆਨਲਾਈਨ ਮੀਟਿੰਗ ਕਰਕੇ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਧੱਕੇਸ਼ਾਹੀਆਂ ਖਿਲਾਫ ਇੱਕਜੁੱਟ ਹੋ ਕੇ ਸੰਘਰਸ਼ ਛੇੜਨ ਦਾ ਐਲਾਨ ਵੀ ਕੀਤਾ ਹੈ, ਜਿਸ ਤਹਿਤ ਜਥੇਬੰਦੀਆਂ ਵੱਲੋਂ 16 ਦਸੰਬਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਮੁਜ਼ਾਹਰੇ ਕਰਕੇ ਸੂਬਾ ਸਰਕਾਰ ਅਤੇ ਚੋਣ ਕਮਿਸ਼ਨ ਦੇ ਪੁਤਲੇ ਫੂਕੇ ਜਾਣਗੇ ।ਅਧਿਆਪਕ ਜਥੇਬੰਦੀਆਂ ਨੇ ਇਹ ਵੀ ਮੰਗ ਕੀਤੀ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਪਤੀ ਪਤਨੀ ਦੇ ਪਰਿਵਾਰ ਨੂੰ ਦੋ ਦੋ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਬੱਚਿਆਂ ਦੀ ਸਾਰੀ ਪੜ੍ਹਾਈ ਮੁਫ਼ਤ ਕੀਤੀ ਜਾਵੇ। ਜਥੇਬੰਦੀਆਂ ਨੇ ਇਹ ਵੀ ਮੰਗ ਕੀਤੀ ਕਿ ਚੋਣਾਂ ਵਾਲੇ ਦਿਨ ਹੋਰ ਹਾਦਸਿਆਂ ਵਿੱਚ ਜਿਹੜੇ ਅਧਿਆਪਕ ਅਤੇ ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮ ਜ਼ਖਮੀ ਹੋਏ ਹਨ ਉਹਨਾਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾਵੇ।









