ਬਰਨਾਲਾ ,22 ਦਸੰਬਰ (ਨਿਰਮਲ ਸਿੰਘ ਪੰਡੋਰੀ)-
-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਬਰਨਾਲਾ ਜ਼ਿਲ੍ਹਾ ਇਕਾਈ ਦਾ ਇੱਕ ਰੋਜ਼ਾ ਇਜਲਾਸ ਸਥਾਨਕ ਤਰਕਸ਼ੀਲ ਭਵਨ ਵਿਖੇ ਹੋਇਆ ਜਿਸ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਅਤੇ ਸੂਬਾ ਖਜ਼ਾਨਚੀ ਅੰਮ੍ਰਿਤਪਾਲ ਕੌਰ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਝੰਡੇ ਦੀ ਰਸਮ ਤੋਂ ਬਾਅਦ ਆਪਣੇ ਸੰਬੋਧਨ ਦੌਰਾਨ ਸੂਬਾ ਆਗੂਆਂ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਜਥੇਬੰਦੀ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੂਬਾ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਸੂਬਾ ਆਗੂਆਂ ਨੇ ਕਿਹਾ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹੱਕੀ ਤੇ ਹਿੱਤੀ ਮੰਗਾਂ ਦੀ ਪ੍ਰਾਪਤੀ ਲਈ ਤਿੱਖਾ ਸੰਘਰਸ਼ ਜਾਰੀ ਰੱਖੇਗੀ ਅਤੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਮੇਂ ਦੀਆਂ ਸਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਸਗੋਂ ਮੰਗਾਂ ਦੀ ਪ੍ਰਾਪਤੀ ਲਈ ਕਿਸੇ ਵੀ ਕੁਰਬਾਨੀ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਜ਼ਿਲ੍ਹਾ ਜਥੇਬੰਦੀ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਹੈ ਤੇ ਖਜ਼ਾਨਚੀ ਨੇ ਤਿੰਨ ਵਰ੍ਹਿਆਂ ਦਾ ਵਿੱਤੀ ਲੇਖਾ ਜੋਖਾ ਪੇਸ਼ ਕੀਤਾ, ਦੋਵੇਂ ਰਿਪੋਰਟਾਂ ਨੂੰ ਹਾਜ਼ਰ ਡੈਲੀਗੇਟਾਂ ਨੇ ਸਰਬ ਸੰਮਤੀ ਨਾਲ ਪਾਸ ਕੀਤਾ। ਜਥੇਬੰਦੀ ਦੇ ਡੈਲੀਗੇਟ ਇਜਲਾਸ ਦੌਰਾਨ ਬਰਨਾਲਾ ਜ਼ਿਲ੍ਹਾ ਜਥੇਬੰਦੀ ਦੀ ਚੋਣ ਪ੍ਰਕਿਰਿਆ ਵੀ ਪੂਰੀ ਕੀਤੀ ਗਈ ਜਿਸ ਤਹਿਤ ਬਲਰਾਜ ਕੌਰ ਨੂੰ ਜ਼ਿਲਾ ਪ੍ਰਧਾਨ, ਰੁਪਿੰਦਰ ਬਾਵਾ ਜ਼ਿਲ੍ਹਾ ਜਨਰਲ ਸਕੱਤਰ, ਬਲਜੀਤ ਕੌਰ ਸੇਖਾ ਖਜ਼ਾਨਚੀ, ਕਰਮਜੀਤ ਕੌਰ ਅਸਪਾਲ ਖੁਰਦ ਸਹਾਇਕ ਖਜ਼ਾਨਚੀ, ਗੁਰਮੀਤ ਕੌਰ ਧੌਲਾ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਰਜਨੀ ਤਪਾ, ਕਰਮਜੀਤ ਕੌਰ, ਸਰਨਜੀਤ ਕੌਰ, ਬਲਜਿੰਦਰ ਕੌਰ ਅਤੇ ਸੁਰਿੰਦਰ ਕੌਰ ਨੂੰ ਮੀਤ ਪ੍ਰਧਾਨ, ਰਜੇਸ਼ ਕੁਮਾਰੀ, ਵੀਰਪਾਲ ਕੌਰ, ਊਸ਼ਾ ਰਾਣੀ, ਪਰਮਜੀਤ ਕੌਰ, ਕਰਮਜੀਤ ਕੌਰ ਢਿੱਲਵਾਂ ਨੂੰ ਸਕੱਤਰ ਅਤੇ ਕਰਮਜੀਤ ਕੌਰ, ਸਤਪਾਲ ਕੌਰ, ਕੁਲਦੀਪ ਕੌਰ, ਸਿੰਦਰਪਾਲ ਕੌਰ ਅਤੇ ਅੰਮ੍ਰਿਤਪਾਲ ਕੌਰ ਨੂੰ ਕਾਰਜਕਾਰਨੀ ਮੈਂਬਰ ਚੁਣਿਆ ਗਿਆ।











