ਮਹਿਲ ਕਲਾਂ 26 ਦਸੰਬਰ ( ਜਸਵੰਤ ਸਿੰਘ ਲਾਲੀ )-
ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲ ਵਿੱਚ ਅੱਜ ਸਵੇਰੇ ਕਰੀਬ 8 ਵਜੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਘਰ ਅੰਦਰੋਂ ਇੱਕ ਲੜਕੇ ਅਤੇ ਇੱਕ ਲੜਕੀ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਮਿਲੀਆਂ। ਇਸ ਸੰਬੰਧੀ ਥਾਣਾ ਟੱਲੇਵਾਲ ਦੇ ਮੁੱਖ ਅਫਸਰ ਨਿਰਮਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਵਿੰਦਰ ਸਿੰਘ ( 40 ਸਾਲ) ਪੁੱਤਰ ਰਜਿੰਦਰ ਸਿੰਘ, ਵਾਸੀ ਕਾਉਂਕੇ, ਥਾਣਾ ਮਾਛੀਵਾੜਾ, ਜ਼ਿਲ੍ਹਾ ਲੁਧਿਆਣਾ ਦੀ ਲਾਸ਼ ਇੱਕ ਘਰ ਅੰਦਰ ਪੱਖੇ ਨਾਲ ਲਟਕਦੀ ਹੋਈ ਮਿਲੀ। ਇਸ ਦੇ ਨਾਲ ਹੀ ਬਲਜੀਤ ਕੌਰ (32 ਸਾਲ) ਪੁੱਤਰੀ ਕੁਲਦੀਪ ਸਿੰਘ, ਵਾਸੀ ਅਲੀਗੜ੍ਹ, ਥਾਣਾ ਜਗਰਾਉਂ, ਜ਼ਿਲ੍ਹਾ ਲੁਧਿਆਣਾ ਦੀ ਲਾਸ਼ ਵੀ ਉਸੇ ਘਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਬਰਾਮਦ ਹੋਈ।ਉਨ੍ਹਾਂ ਦੱਸਿਆ ਕਿ ਦੋਵੇਂ ਮ੍ਰਿਤਕ ਆਪਸ ਵਿੱਚ ਦੋਸਤ ਸਨ ਅਤੇ ਪਿੰਡ ਟੱਲੇਵਾਲ ਵਿੱਚ ਬਰਗਰਾਂ ਦੀ ਦੁਕਾਨ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਸਨ, ਦੋਵੇਂ ਜਣੇ ਕੁਝ ਦਿਨ ਪਹਿਲਾਂ ਹੀ ਆਪਣੇ ਇੱਕ ਦੋਸਤ ਦੇ ਘਰ ਆਏ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਟੱਲੇਵਾਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚਕੇ ਦੋਹਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਐਸ ਐਚ ਓ ਨਿਰਮਲਜੀਤ ਸਿੰਘ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਫਿਲਹਾਲ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।










