ਚੰਡੀਗੜ੍ਹ,1 ਜਨਵਰੀ Gee98 news service-
-ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੀਨੀਅਰ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਮਨਦੀਪ ਮੱਕੜ, ਆਰਟੀਆਈ ਐਕਟੀਵਿਸਟ ਮਾਣਕ ਗੋਇਲ ਸਮੇਤ 10 ਜਣਿਆਂ ‘ਤੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਜਿੱਥੇ ਸਮੁੱਚੇ ਪੰਜਾਬ ‘ਚ ਸਰਕਾਰ ਦੇ ਇਸ ਕਦਮ ਦੀ ਨਿੰਦਾ ਹੋ ਰਹੀ ਹੈ ਉੱਥੇ ਪੱਤਰਕਾਰਾਂ ਨੇ ਵੀ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਉਕਤ ਪੱਤਰਕਾਰਾਂ ਦੇ ਖ਼ਿਲਾਫ਼ ਲੁਧਿਆਣਾ ਦੇ ਇੱਕ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦੀ ਭਿਣਕ ਲੱਗਣ ਤੋਂ ਬਾਅਦ ਬਠਿੰਡਾ ਵਿਖੇ ਸੀਨੀਅਰ ਪੱਤਰਕਾਰ ਬਖਤੌਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ ਇੱਕ ਹੰਗਾਮੀ ਮੀਟਿੰਗ ਵਿੱਚ ਐਫਆਈਆਰ ਵਿੱਚ ਨਾਮਜ਼ਦ ਮਿੰਟੂ ਗੁਰੂਸਰੀਆ, ਮਨਜਿੰਦਰਜੀਤ ਸਿੱਧੂ ਨੇ ਸਰਕਾਰ ਵੱਲੋਂ ਕੀਤੀ ਕਾਰਵਾਈ ‘ਤੇ ਤਿੱਖੀ ਪ੍ਰਤੀਕਿਰਿਆ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ ਸਰਕਾਰ ਨੂੰ ਉਸ ਦੀ ਭਾਸ਼ਾ ਵਿੱਚ ਹੀ ਜਵਾਬ ਦਿੱਤਾ ਜਾਵੇਗਾ। ਸਰਕਾਰ ਵੱਲੋਂ ਦਰਜ ਕੀਤੀ ਐਫਆਈਆਰ ਵਿੱਚ ਨਾਮਜ਼ਦ ਪੱਤਰਕਾਰਾਂ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਜ਼ਮਾਨਤ ਨਹੀਂ ਕਰਾਉਣਗੇ ਅਤੇ ਗ੍ਰਿਫ਼ਤਾਰੀ ਲਈ ਹਮੇਸ਼ਾ ਹਾਜ਼ਰ ਰਹਿਣਗੇ। ਉਹਨਾਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਉਹਨਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੇ ਤਾਂ ਉਨਾਂ ਨੂੰ ਫੋਨ ਕਰ ਦਿੱਤਾ ਜਾਵੇ ਤੇ ਉਹ ਆਪਣੀ ਲੋਕੇਸ਼ਨ ਪੰਜਾਬ ਪੁਲਿਸ ਨੂੰ ਭੇਜ ਦੇਣਗੇ। ਪੰਜਾਬ ਸਰਕਾਰ ਦੇ ਖ਼ਿਲਾਫ਼ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਪੱਤਰਕਾਰ ਸਾਥੀਆਂ ਨੇ ਦੱਸਿਆ ਕਿ 4 ਜਨਵਰੀ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਪੱਤਰਕਾਰਾਂ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਸੰਕੇਤਿਕ ਮੀਟਿੰਗ ਬੁਲਾਈ ਗਈ ਜਿਸ ਵਿੱਚ ਅਗਲੇ ਐਕਸ਼ਨ ਲਈ ਰੂਪਰੇਖਾ ਉਲੀਕੀ ਜਾਵੇਗੀ ਅਤੇ ਉਸ ਤੋਂ ਬਾਅਦ 10 ਜਨਵਰੀ ਨੂੰ ਬਠਿੰਡਾ ਵਿਖੇ ਪੱਤਰਕਾਰਾਂ ਦਾ ਇਕੱਠ ਕੀਤਾ ਜਾਵੇਗਾ। ਦੂਜੇ ਪਾਸੇ ਪੱਤਰਕਾਰਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ ਇਸ ਮਾਮਲੇ ਨੂੰ ਗੰਭੀਰ ਮੰਨਦੇ ਹੋਏ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ ਚੇਅਰਮੈਨ ਪ੍ਰੈੱਸ ਕੌਂਸਲ ਆਫ਼ ਇੰਡੀਆ ਤੇ ਸਕੱਤਰ ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਨਾਮ ਮੰਗ ਪੱਤਰ ਭੇਜਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਸਬੰਧੀ ਸਿਰਫ ਸਵਾਲ ਪੁੱਛਣ ‘ਤੇ ਹੀ ਪੱਤਰਕਾਰਾਂ ਅਤੇ ਬਲੌਗਰਾਂ ‘ਤੇ ਪੁਲਿਸ ਕਾਰਵਾਈ ਕਰਨ ਤੋਂ ਰੋਹ ਵਿੱਚ ਆਈਆਂ ਪੱਤਰਕਾਰ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਦੇ ਤੇਵਰਾਂ ਨੂੰ ਵੇਖਦੇ ਹੋਏ ਇਹ ਮਾਮਲਾ ਭਖਣ ਦੇ ਆਸਾਰ ਹਨ ਅਤੇ ਪੰਜਾਬ ਸਰਕਾਰ ਨੂੰ ਆਪਣੀ ਇਸ ਕਾਰਵਾਈ ਦੇ ਕਾਰਨ ਜਨਤਕ ਰੋਹ ਦਾ ਸਾਹਮਣਾ ਕਰਨਾ ਪਵੇਗਾ।










