ਚੰਡੀਗੜ੍ਹ ,7 ਜਨਵਰੀ , Gee98 news service
-ਲੋੜਵੰਦ ਗਾਹਕਾਂ ਨੂੰ ਰਿਹਾਇਸ਼ ਅਤੇ ਭੋਜਨ ਦੇ ਨਾਮ ‘ਤੇ ਜਿਸਮ ਪਰੋਸਣ ਦਾ ਧੰਦਾ ਕਰਨ ਵਾਲੇ ਹੋਟਲਾਂ ਦੇ ਖ਼ਿਲਾਫ਼ ਸ਼ੁਰੂ ਕੀਤੀ ਕਾਰਵਾਈ ਦੀ ਲੜੀ ਵਜੋਂ ਜ਼ੀਰਕਪੁਰ ਪੁਲਿਸ ਨੇ ਇੱਕ ਹੋਟਲ ‘ਤੇ ਰੇਡ ਮਾਰ ਕੇ 6 ਕੁੜੀਆਂ ਨੂੰ ਰੈਸਕਿਊ ਕੀਤਾ ਤੇ ਹੋਟਲ ਸੰਚਾਲਕ ਨੂੰ ਵੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ASP ਗਜ਼ਲਪ੍ਰੀਤ ਕੌਰ (IPS) ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹੋਟਲ ਕੰਗਨਾ ਐੱਨ-2 ਵਿਚ ਨਾਜਾਇਜ਼ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਛਾਪਾ ਮਾਰਿਆ, ਜਿੱਥੇ ਜਾਂਚ ਦੌਰਾਨ ਗੰਭੀਰ ਬੇਨਿਯਮੀਆਂ ਸਾਹਮਣੇ ਆਈਆਂ ਹਨ ਅਤੇ ਹੋਟਲ ਵਿਚ ਕਾਫ਼ੀ ਮਾਤਰਾ ਵਿਚ ਇਤਰਾਜ਼ਯੋਗ ਸਾਮਾਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੌਕੇ ਤੋਂ ਬਚਾਈਆਂ ਗਈਆਂ ਲੜਕੀਆਂ ਨੂੰ ਪੁਲਿਸ ਸੁਰੱਖਿਆ ਹੇਠ ਲਿਆਂਦਾ ਗਿਆ ਹੈ ਅਤੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਨਿਯਮਾਂ ਦੀ ਉਲੰਘਣਾ ਕਾਰਨ ਹੋਟਲ ਨੂੰ ਤੁਰੰਤ ਸੀਲ ਕਰ ਦਿੱਤਾ ਗਿਆ ਹੈ। ASP ਗਜ਼ਲਪ੍ਰੀਤ ਕੌਰ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਜ਼ੀਰਕਪੁਰ ਪੁਲਿਸ ਵੱਲੋਂ ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਨਾਜਾਇਜ਼ ਗਤੀਵਿਧੀਆਂ ਵਿੱਚ ਸ਼ਾਮਲ ਕਈ ਹੋਟਲਾਂ ਅਤੇ ਸਪਾ ਕੇਂਦਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਸੀਲ ਕੀਤਾ ਗਿਆ ਹੈ। ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਵੀ ਸੂਰਤ ਵਿਚ ਰਹਿਮ ਨਹੀਂ ਕੀਤਾ ਜਾਵੇਗਾ। ਪੁਲਿਸ ਵੱਲੋਂ ਹੋਟਲ ਸੰਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਫੋਟੋ ਕੈਪਸ਼ਨ- ਸੰਕੇਤਕ ਫੋਟੋ










