ਚੰਡੀਗੜ੍ਹ,13 ਜਨਵਰੀ, Gee98 news service-
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜਨਵਰੀ ਨੂੰ ਸਵੇਰੇ 10 ਵਜੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਨਹੀਂ ਹੋਣਗੇ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਵਾਲੇ ਨਾਲ ਇੱਕ ਪੱਤਰ ਭਗਵੰਤ ਮਾਨ ਨੂੰ ਲਿਖਿਆ ਗਿਆ ਜਿਸ ਵਿੱਚ ਉਹਨਾਂ ਨੂੰ 10 ਵਜੇ ਦੀ ਬਜਾਏ 15 ਜਨਵਰੀ ਨੂੰ ਹੀ ਸ਼ਾਮ 4:30 ਵਜੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਿਹੜੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਗਵੰਤ ਮਾਨ ਨੂੰ 15 ਜਨਵਰੀ ਨੂੰ 10 ਵਜੇ ਸਵੇਰੇ ਪੇਸ਼ ਹੋ ਹੋਣ ਦਾ ਆਦੇਸ਼ ਦਿੱਤਾ ਗਿਆ ਸੀ ਉਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇੱਕ ਬਿਆਨ ਦਿੱਤਾ ਗਿਆ ਸੀ ਕਿ ਭਾਵੇਂ 15 ਜਨਵਰੀ ਨੂੰ ਭਾਰਤ ਦੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਦੌਰਾ ਹੈ ਪ੍ਰੰਤੂ ਉਹ ਰਾਸ਼ਟਰਪਤੀ ਦੇ ਸਮਾਗਮ ਵਿੱਚ ਜਾਣ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਭਗਵੰਤ ਮਾਨ ਨੂੰ ਲਿਖੇ ਤਾਜ਼ਾ ਪੱਤਰ ਵਿੱਚ ਇਹ ਸੰਕੇਤ ਦਿੱਤਾ ਗਿਆ ਹੈ ਕਿ ਭਗਵੰਤ ਮਾਨ ਦੇ ਉਕਤ ਬਿਆਨ ਦੇ ਸੰਦਰਭ ਵਿੱਚ ਹੀ ਉਹਨਾਂ ਦੀ ਪੇਸ਼ੀ ਦਾ ਸਮਾਂ ਬਦਲਿਆ ਗਿਆ ਹੈ ਜਿਸ ਤਹਿਤ ਹੁਣ ਭਗਵੰਤ ਮਾਨ ਸਵੇਰੇ 10 ਵਜੇ ਦੀ ਬਜਾਏ 15 ਜਨਵਰੀ ਨੂੰ ਸ਼ਾਮ 4.30 ਵਜੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ ਪੇਸ਼ ਹੋਣਗੇ।










