ਚੰਡੀਗੜ੍ਹ,15 ਜਨਵਰੀ, Gee98 News service-
-ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਡ ਪੁਲਿਸ (RCMP) ਦੀ ਇੱਕ ਰਿਪੋਰਟ ਨੇ ਭਾਰਤੀ ਰਾਜਨੀਤੀ ਅਤੇ ਸੁਰੱਖਿਆ ਹਲਕਿਆਂ ਵਿੱਚ ਤਰਥੱਲੀ ਮਚਾ ਦਿੱਤੀ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਦੇ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੈਂਗ ਕੈਨੇਡਾ ਵਿੱਚ ਭਾਰਤ ਸਰਕਾਰ ਲਈ ਕੰਮ ਕਰ ਰਿਹਾ ਹੈ। ਕੈਨੇਡਾ ਦੀ ਗਲੋਬਲ ਨਿਊਜ਼ ਨੇ ਰਾਇਲ ਕੈਨੇਡੀਅਨ ਮਾਊਂਟਡ ਪੁਲਿਸ (RCMP) ਦੀ ਗੁਪਤ ਰਿਪੋਰਟ ਦੇ ਤਿੰਨ ਪੰਨੇ ਜਾਰੀ ਕੀਤੇ ਹਨ। ਭਾਰਤ ਵਿੱਚ ਦੈਨਿਕ ਭਾਸਕਰ ਦੀ ਰਿਪੋਰਟ ਅਨੁਸਾਰ ਇਸ ਰਿਪੋਰਟ ‘ਚ ਲਾਰੈਂਸ ਬਿਸ਼ਨੋਈ ਗੈਂਗ ਦੇ ਭਾਰਤ ਸਰਕਾਰ ਨਾਲ ਸੰਬੰਧਾਂ ਦਾ ਜ਼ਿਕਰ ਕੀਤਾ ਗਿਆ ਹੈ।ਰਾਇਲ ਕੈਨੇਡੀਅਨ ਮਾਊਂਟਡ ਪੁਲਿਸ (RCMP) ਦੀ ਰਾਸ਼ਟਰੀ ਸੁਰੱਖਿਆ ਸਾਖਾ ਵੱਲੋਂ ਤਿਆਰ ਕੀਤੀ ਇਸ ਰਿਪੋਰਟ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਹਿੰਸਕ ਅੰਤਰਰਾਸ਼ਟਰੀ ਅਪਰਾਧਿਕ ਸੰਗਠਨ ਕਰਾਰ ਦਿੱਤਾ ਗਿਆ ਹੈ। ਰਿਪੋਰਟ ਅਨੁਸਾਰ ਲਾਰੈਂਸ ਬਿਸ਼ਨੋਈ ਗੈਂਗ ਉਗਰਾਹੀ, ਡਰੱਗ ਤਸਕਰੀ, ਮਨੀ ਲਾਂਡਰਿੰਗ ਅਤੇ ਕੰਟਰੈਕਟ ਕਿਲਿੰਗ ਵਰਗੇ ਅਪਰਾਧਾਂ ਵਿੱਚ ਸ਼ਾਮਿਲ ਹੈ। ਰਿਪੋਰਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਬਿਸ਼ਨੋਈ ਗੈਂਗ ਆਪਣੇ ਅਪਰਾਧਿਕ ਹਿੱਤਾਂ ਨੂੰ ਅੱਗੇ ਵਧਾਉਣ ਲਈ ਹਿੰਸਾ ਦਾ ਇਸਤੇਮਾਲ ਕਰਦਾ ਹੈ ਅਤੇ ਭਾਰਤ ਸਰਕਾਰ ਲਈ ਕੰਮ ਕਰਦਾ ਹੈ। ਇਸ ਰਿਪੋਰਟ ਵਿੱਚ ਇਹ ਵੱਡਾ ਦਾਅਵਾ ਵੀ ਕੀਤਾ ਗਿਆ ਕਿ ਭਾਰਤ ਸਰਕਾਰ ਦੇ ਏਜੰਟ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਲਾਰੈਂਸ ਗੈਂਗ ਵਰਗੇ ਸੰਗਠਿਤ ਗਿਰੋਹਾਂ ਦਾ ਇਸਤੇਮਾਲ ਕਰ ਰਹੇ ਹਨ। ਰਿਪੋਰਟ ਵਿੱਚ ਇਸ ਗੱਲ ਦਾ ਵੀ ਜ਼ਿਕਰ ਹੈ ਕਿ ਲਾਰੈਂਸ ਬਿਸ਼ਨੋਈ 2015 ਤੋਂ ਭਾਰਤ ਦੀ ਜੇਲ੍ਹ ਵਿੱਚ ਬੰਦ ਹੈ ਤੇ ਇਸ ਦੇ ਬਾਵਜੂਦ ਵੀ ਉਹ ਜੇਲ੍ਹ ਵਿੱਚੋਂ ਹੀ ਗੈਂਗ ਨੂੰ ਆਪਰੇਟ ਕਰ ਰਿਹਾ ਹੈ। ਰਾਇਲ ਕੈਨੇਡੀਅਨ ਮਾਊਂਟਡ ਪੁਲਿਸ (RCMP) ਦੀ ਇਸ ਰਿਪੋਰਟ ਵਿੱਚ ਜੂਨ 2023 ‘ਚ ਮਾਰੇ ਗਏ ਖਾਲਿਸਤਾਨੀ ਪੱਖੀ ਸਮਰਥਕ ਹਰਦੀਪ ਸਿੰਘ ਨਿੱਝਰ ਅਤੇ ਸੁਖਦੂਲ ਸਿੰਘ ਦੀ ਹੱਤਿਆ ਦਾ ਵੀ ਜ਼ਿਕਰ ਕੀਤਾ ਗਿਆ ਹੈ। ਦੂਜੇ ਪਾਸੇ ਕਈ ਸਿੱਖ ਸੰਗਠਨ ਵੀ ਇਹ ਦੋਸ਼ ਲਗਾ ਰਹੇ ਹਨ ਕਿ ਕੈਨੇਡਾ ਸਰਕਾਰ ਅਤੇ ਰਾਇਲ ਕੈਨੇਡੀਅਨ ਮਾਊਂਟਡ ਪੁਲਿਸ (RCMP) ਨੂੰ ਇਹ ਬਾਖ਼ੂਬੀ ਪਤਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਕੈਨੇਡਾ ਵਿੱਚ ਖਾਲਿਸਤਾਨੀ ਪੱਖੀ ਕਈ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਕੈਨੇਡਾ ਦੇ ਸਿੱਖ ਸੰਗਠਨਾਂ ਦਾ ਦੋਸ਼ ਹੈ ਕਿ ਕੈਨੇਡਾ ਸਰਕਾਰ ਰਾਜਨੀਤਿਕ ਫਾਇਦੇ ਲਈ ਇਸ ਸੱਚਾਈ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਛੁਪਾ ਰਹੀ ਹੈ। ਜ਼ਿਕਰਯੋਗ ਹੈ ਕਿ ਕਰੀਬ ਤਿੰਨ ਕੁ ਮਹੀਨੇ ਪਹਿਲਾਂ ਕੈਨੇਡਾ ਸਰਕਾਰ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨ ਕਰ ਦਿੱਤਾ ਸੀ। ਉਸ ਵੇਲੇ ਕੈਨੇਡਾ ਨੇ ਕਿਹਾ ਸੀ ਕਿ ਇਹ ਗੈਂਗਸਟਰ ਭਾਰਤ ਵਿੱਚ ਹੀ ਨਹੀਂ ਸਗੋਂ ਕੈਨੇਡਾ ‘ਚ ਵੀ ਕ੍ਰਾਈਮ ਕਰ ਰਿਹਾ ਹੈ। ਇੱਥੇ ਇਹ ਵੀ ਧਿਆਨਦੇਣ ਯੋਗ ਹੈ ਕਿ ਰਾਇਲ ਕੈਨੇਡੀਅਨ ਮਾਊਂਟਡ ਪੁਲਿਸ (RCMP) ਦੀ ਇਹ ਰਿਪੋਰਟ ਅਜਿਹੇ ਵਕਤ ਸਾਹਮਣੇ ਆਈ ਹੈ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਭਾਰਤ ਦੇ ਨਾਲ ਵਪਾਰਕ ਸੰਬੰਧ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕਦਮ ਉਠਾ ਰਹੇ ਹਨ ਅਤੇ ਉਹ ਖ਼ੁਦ ਭਾਰਤ ਵੀ ਆ ਸਕਦੇ ਹਨ। ਬਹਰਹਾਲ ! ਰਾਇਲ ਕੈਨੇਡੀਅਨ ਮਾਊਂਟਡ ਪੁਲਿਸ (RCMP)
ਦੀ ਇਸ ਰਿਪੋਰਟ ਨੇ ਭਾਰਤ ਵਿੱਚ ਗਰਮ ਅਤੇ ਨਰਮ ਖ਼ਿਆਲੀ ਰਾਜਨੀਤੀ ‘ਚ ਤਰਥੱਲੀ ਮਚਾ ਦਿੱਤੀ ਹੈ ਅਤੇ ਭਾਰਤੀ ਸੁਰੱਖਿਆ ਏਜੰਸੀਆਂ ਅਤੇ ਕੇਂਦਰ ਸਰਕਾਰ ‘ਤੇ ਵੱਡੇ ਸਵਾਲ ਖੜੇ ਹੋਣੇ ਸੁਭਾਵਿਕ ਹੀ ਹਨ।










