ਬਰਨਾਲਾ, 22 ਜਨਵਰੀ (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਜ਼ਿਲ੍ਹੇ ਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਵਿਖੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਦੇ ਦਿਨਾਂ ਦੌਰਾਨ ਹੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦਾ ਮਾਮਲਾ ਭਖਿਆ ਹੋਇਆ ਹੈ। ਵੀਰਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਟੇਕ ਸਿੰਘ ਧਨੌਲਾ ਪਿੰਡ ਠੀਕਰੀਵਾਲਾ ਦੇ ਗੁਰਦੁਆਰਾ ਸਾਹਿਬ ਪੁੱਜੇ ਅਤੇ ਸਾਰੀ ਘਟਨਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਦਾਰ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਪੰਜਾਬ ‘ਚ ਦਿਨੋਂ ਦਿਨ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਪਿੱਛੇ ਕੇਂਦਰ ਅਤੇ ਪੰਜਾਬ ਦੀਆਂ ਏਜੰਸੀਆਂ ਦਾ ਹੱਥ ਹੈ, ਜਿਹੜੀਆਂ ਪੰਜਾਬ ਦਾ ਮਾਹੌਲ ਖ਼ਰਾਬ ਹੀ ਰੱਖਣਾ ਚਾਹੁੰਦੀਆਂ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਇਕੱਠੇ ਸਨ, ਜਿਨਾਂ ਦੀਆਂ ਭਾਵਨਾਵਾਂ ਤੋਂ ਜ਼ਾਹਰ ਹੋਇਆ ਕਿ ਪਿੰਡ ਵਾਸੀ ਇਸ ਮਾਮਲੇ ‘ਚ ਪੁਲਿਸ ਵੱਲੋਂ ਹੁਣ ਤੱਕ ਦੀ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬੇਅਦਬੀ ਦੇ ਇਸ ਮਾਮਲੇ ‘ਚ ਪਿੰਡ ਦੇ ਹੀ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਪਿੰਡ ਦੀਆਂ ਗਲੀਆਂ ‘ਚੋਂ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਮਿਲੇ ਹਨ ਜੋ ਸਪੱਸ਼ਟ ਕਰਦੇ ਹਨ ਕਿ ਫੜੇ ਗਏ ਦੋ ਵਿਅਕਤੀਆਂ ਤੋਂ ਬਿਨਾਂ ਵੀ ਕੁਝ ਹੋਰ ਵਿਅਕਤੀ ਇਸ ਮਾਮਲੇ ਵਿੱਚ ਸ਼ਾਮਿਲ ਹਨ। ਜਥੇਦਾਰ ਟੇਕ ਸਿੰਘ ਧਨੌਲਾ ਦੀ ਹਾਜ਼ਰੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਦੋ ਦਿਨ ਦਾ ਸਮਾਂ ਦਿੰਦੇ ਹਨ ਜੇਕਰ ਇਹਨਾਂ ਦੋ ਵਿਅਕਤੀਆਂ ਤੋਂ ਬਿਨਾਂ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ ਆਉਣ ਵਾਲੇ ਸਮੇਂ ‘ਚ ਤਿੱਖਾ ਸੰਘਰਸ਼ ਵੀ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਕਿਹਾ ਕਿ ਉੰਝ ਭਾਵੇਂ ਬੇਅਦਬੀ ਆਪਣੇ ਆਪ ਵਿੱਚ ਹੀ ਬਹੁਤ ਵੱਡੀ ਅਤੇ ਨਿੰਦਣਯੋਗ ਘਟਨਾ ਹੈ ਪ੍ਰੰਤੂ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਦੇ ਦੌਰਾਨ ਪਿੰਡ ਵਿੱਚ ਅਜਿਹੀ ਮੰਦਭਾਗੀ ਘਟਨਾ ਵਾਪਰਨ ਕਾਰਨ ਸਾਰੇ ਪਿੰਡ ਵਾਸੀਆਂ ਦੀਆਂ ਭਾਵਨਾਵਾਂ ਜ਼ਖ਼ਮੀ ਹੋਈਆਂ ਹਨ ਜਿਸ ਕਰਕੇ ਪਿੰਡ ਵਾਸੀ ਚਾਹੁੰਦੇ ਹਨ ਕਿ ਇਸ ਸਾਰੇ ਮਾਮਲੇ ਦੀ ਅਸਲ ਸਾਜ਼ਿਸ਼ ਬਾਰੇ ਸਾਰੀ ਜਾਣਕਾਰੀ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਦੋਸ਼ੀ ਵੀ ਲੋਕਾਂ ਦੇ ਸਾਹਮਣੇ ਆਉਣੇ ਚਾਹੀਦੇ ਹਨ। ਪਿੰਡ ਵਾਸੀ ਇਹ ਵੀ ਡਰ ਪ੍ਰਗਟ ਕਰ ਰਹੇ ਹਨ ਕਿ ਬੇਅਦਬੀ ਦੇ ਹੋਰ ਮਾਮਲਿਆਂ ਵਾਂਗ ਹੁਣ ਤੱਕ ਫੜੇ ਗਏ ਦੋ ਵਿਅਕਤੀਆਂ ‘ਤੇ ਕਾਰਵਾਈ ਕਰਕੇ ਪੁਲਿਸ ਇਸ ਮਾਮਲੇ ਨੂੰ ਠੰਡੇ ਬਸਤੇ ਵਿੱਚ ਪਾ ਦੇਵੇਗੀ। ਦੂਜੇ ਪਾਸੇ ਪੁਲਿਸ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਪੜ੍ਹਤਾਲ ਕੀਤੀ ਜਾ ਰਹੀ ਹੈ ਅਤੇ ਸਾਰੇ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ। ਪੁਲਿਸ ਦੇ ਇਸ ਭਰੋਸੇ ਕਰਕੇ ਹੀ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਦੋ ਦਿਨ ਦਾ ਸਮਾਂ ਹੋਰ ਦਿੱਤਾ ਹੈ ਪ੍ਰੰਤੂ ਦੋ ਦਿਨ ਤੋਂ ਬਾਅਦ ਵੱਡੀ ਮੀਟਿੰਗ ਬੁਲਾ ਕੇ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕਣ ਦੀ ਗੱਲ ਕਹੀ ਹੈ। ਇਸ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਸਬੰਧੀ ਸਮੇਂ ਸਿਰ ਸੂਚਨਾ ਨਾ ਦੇਣ ਕਰਕੇ ਧਰਮ ਪ੍ਰਚਾਰ ਕਮੇਟੀ ਦੇ ਦੋ ਪ੍ਰਚਾਰਕਾਂ ਦੇ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਧਨੌਲਾ ਨੇ ਪਿੰਡ ਵਾਸੀਆਂ ਨੂੰ ਵੀ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਹਰ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਲਈ ਮਦਦ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮਹਿਲ ਕਲਾਂ ਨਾਥ ਸਿੰਘ ਹਮੀਦੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।










