Gee 98News

ਬਰਨਾਲਾ 10 ਫਰਵਰੀ 2026 (ਨਿਰਮਲ ਸਿੰਘ ਪੰਡੋਰੀ)-

-ਪੰਜਾਬ ‘ਚ ਕੱਲ੍ਹ ਤੋਂ ਸਰਕਾਰੀ ਲਾਰੀਆਂ ਦਾ ਚੱਕਾ ਜਾਮ ਹੋਵੇਗਾ। ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਨੇ ਐਲਾਨ ਕੀਤਾ ਹੈ ਕਿ 11 ਫਰਵਰੀ ਤੋਂ ਦੁਪਹਿਰ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਬੰਦ ਕਰ ਦਿੱਤੀਆਂ ਜਾਣਗੀਆਂ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਸੂਬਾ ਆਗੂ ਰਣਧੀਰ ਸਿੰਘ ਸੇਖਾ,ਬਰਨਾਲਾ ਡੀਪੂ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀਵਾਨਾ, ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਤਾਂ ਕੀ ਦੇਣਾ ਸੀ, ਉਲਟਾ ਪਿਛਲੇ 15-20 ਸਾਲਾਂ ਤੋਂ ਕੰਟਰੈਕਟ ਆਊਟ ਸੋਰਸ ‘ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਵੀਂ ਦਲਦਲ (ਜਿਸ ਨੂੰ ਸਪੈਸ਼ਲ ਕਾਡਰ ਪਾਲਸੀ 2023) ਤਹਿਤ ਫਸਾਉਣ ਲੱਗੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦੀ ਨੀਤੀ ਦੇ ਨਾਲ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਲੈ ਕੇ ਆਈ ਸੀ, ਜਿਸ ਉਪਰੰਤ ਜੱਥੇਬੰਦੀ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ।

                                                                                                               ਸਰਕਾਰ ਨੇ ਆਗੂਆਂ ਨੂੰ ਘਰਾਂ ਤੋਂ ਅਤੇ ਧਰਨਿਆਂ ਤੋਂ ਜਬਰੀ ਚੁੱਕ ਕੇ ਸੰਘਰਸ਼ ਕਰਦੇ ਮੁਲਾਜ਼ਮਾਂ ‘ਤੇ 307 ਵਰਗੀਆਂ ਧਾਰਾਵਾਂ ਲਗਾ ਕੇ ਜੇਲ੍ਹਾਂ ਦੇ ਵਿੱਚ ਬੰਦ ਕੀਤਾ ਗਿਆ ਹੈ,ਅੱਜ ਲੱਗਭੱਗ 2 ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਸਰਕਾਰ ਵਾਰ-ਵਾਰ ਮੀਟਿੰਗ ਦੇ ਵਿੱਚ ਭਰੋਸਾ ਦੇ ਰਹੀ ਹੈ ਕਿ 2 ਜਾਂ 4 ਦਿਨਾਂ ਵਿੱਚ ਤੁਹਾਡੇ ਸਾਥੀਆਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ, ਪਰ ਇਸ ਸਮੇਂ ਟਰਾਂਸਪੋਰਟ ਮੰਤਰੀ ਪੰਜਾਬ ਯੂਨੀਅਨ ਅੱਗੇ ਸ਼ਰਤਾਂ ਰੱਖ ਰਹੇ ਹਨ ਅਤੇ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਮੁਲਾਜ਼ਮਾਂ ਦੀ ਅਵਾਜ਼ ਦਬਾਉਣ ਅਤੇ ਧੱਕੇਸ਼ਾਹੀ ਨਾਲ ਨਿੱਜੀਕਰਨ ਕਰਨਾ ਚਾਹੁੰਦੇ ਹਨ। ਹੁਣ ਪ੍ਰਾਈਵੇਟ ਮਾਲਕਾਂ ਨੂੰ ਫਾਇਦਾ ਦੇਣ ਦੇ ਲਈ ਕਿਲੋਮੀਟਰ ਸਕੀਮ ਬੱਸਾਂ ਪਾ ਕੇ ਸਰਕਾਰੀ ਟਰਾਂਸਪੋਰਟ ਦਾ ਭੋਗ ਪਾਉਣ ਦੀ ਤਿਆਰੀ ਕੀਤੀ ਗਈ ਹੈ, ਜਿਸ ਦਾ ਜਥੇਬੰਦੀ ਪੂਰਨ ਜ਼ੋਰ ਵਿਰੋਧ ਕਰਦੀ ਆਈ ਹੈ। ਪਿਛਲੇ ਦਿਨੀਂ ਵਿਰੋਧ ਕਰਦੇ ਮੁਲਾਜ਼ਮਾਂ ਨੂੰ ਚੁੱਕਿਆ ਗਿਆ। ਸੰਗਰੂਰ ਅਤੇ ਪਟਿਆਲੇ ‘ਚ 307 ਦੇ ਪਰਚੇ ਦਰਜ਼ ਕੀਤੇ ਗਏ ਹਨ ਅਤੇ ਅੱਜ ਤੱਕ ਰਿਹਾਅ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ 11 ਫਰਵਰੀ ਨੂੰ ਬਾਅਦ ਦੁਪਹਿਰ ਤੋਂ ਸ਼ਾਮ ਤੱਕ ਬੱਸਾਂ ਬੰਦ ਕਰਕੇ ਹੜ੍ਹਤਾਲ ਸ਼ੁਰੂ ਕੀਤੀ ਜਾਵੇਗੀ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਧਰਨਾ ਦਿੱਤਾ ਜਾਵੇਗਾ। ਜੇਕਰ ਫਿਰ ਵੀ ਸਰਕਾਰ ਨੇ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਜਥੇਬੰਦੀ ਦਾ ਇਹ ਸੰਘਰਸ਼ ਜੇਲ੍ਹਾਂ ਵਿੱਚ ਬੰਦ ਸਾਥੀਆਂ ਦੀ ਰਿਹਾਈ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਤੱਕ ਜਾਰੀ ਰਹੇਗਾ।

Gee98 Ads

Leave a Reply

Your email address will not be published. Required fields are marked *

error: Content is protected !!