ਚੰਡੀਗੜ੍ਹ,21 ਮਾਰਚ, Gee98 news service-
ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੇਅਰਹਾਊਸ ਕਾਰਪੋਰੇਸ਼ਨ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਆਤਮ ਹੱਤਿਆ ਦੇ ਮਾਮਲੇ ‘ਚ ਨਾਮ ਆਉਣ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਹੈ। ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਖਾ ਕੇ ਆਤਮ ਹੱਤਿਆ ਕਰ ਲਈ ਹੈ। ਜ਼ਿਲ੍ਹਾ ਮੈਨੇਜਰ ਰੰਧਾਵਾ ਨੇ ਆਤਮ ਹੱਤਿਆ ਤੋਂ ਪਹਿਲਾਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਜਿਸ ਵਿੱਚ ਉਹ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਆਤਮਹੱਤਿਆ ਲਈ ਜ਼ਿੰਮੇਵਾਰ ਠਹਿਰਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਇਸ ਘਟਨਾ ਤੋਂ ਬਾਅਦ ਅਤੇ ਜ਼ਿਲ੍ਹਾ ਮੈਨੇਜਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਭੁੱਲਰ ਦਾ ਅਸਤੀਫ਼ਾ ਲੈ ਲਿਆ ਹੈ ਅਤੇ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਵੀ ਦਿੱਤੇ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਅੰਮ੍ਰਿਤਸਰ ਅਤੇ ਤਰਨਤਰਨ ਵਿੱਚ ਆਪਣੀ ਡਿਊਟੀ ਨਿਭਾ ਰਹੇ ਸਨ। ਸੂਤਰਾਂ ਅਨੁਸਾਰ ਕਿਸੇ ਪ੍ਰੋਜੈਕਟ ਦੇ ਟੈਂਡਰ ਦੇ ਮਾਮਲੇ ਵਿੱਚ ਜ਼ਿਲ੍ਹਾ ਮੈਨੇਜਰ ਰੰਧਾਵਾ ਨੂੰ ਕੈਬਨਿਟ ਮੰਤਰੀ ਵੱਲੋਂ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਸੀ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤਾਂ ਇਹ ਦੋਸ਼ ਵੀ ਲਗਾ ਰਹੇ ਹਨ ਕਿ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੂੰ ਕੁੱਟਿਆ ਗਿਆ ਅਤੇ ਉਸ ਦੀ ਵੀਡੀਓ ਵੀ ਬਣਾਈ ਗਈ ਜਿਸ ਤੋਂ ਬਾਅਦ ਉਸਨੇ ਆਤਮਹੱਤਿਆ ਵਰਗਾ ਖਤਰਨਾਕ ਕਦਮ ਚੁੱਕਿਆ।
ਫੋਟੋ ਕੈਪਸ਼ਨ-ਸਲਫਾਸ ਖਾਣ ਤੋਂ ਬਾਅਦ ਹਸਪਤਾਲ ਵਿੱਚ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਤਸਵੀਰ









