ਚੰਡੀਗੜ੍ਹ,31 ਮਾਰਚ Gee98 news service-
-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਇੱਕ ਪਿੰਡ ਵਿੱਚ ਲੱਗੇ ਬੁੱਤ ਨੂੰ ਹਥੌੜੇ ਮਾਰ ਕੇ ਤੋੜਨ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਡਾਕਟਰ ਅੰਬੇਡਕਰ ਦੇ ਬੁੱਤ ਨੂੰ ਹਥੌੜੇ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਤੋੜਿਆ ਗਿਆ। ਇਸ ਮੰਦਭਾਗੀ ਘਟਨਾ ਦਾ ਇੱਕ ਦੂਜਾ ਪੱਖ ਇਹ ਵੀ ਸਾਹਮਣੇ ਆਇਆ ਕਿ ਵਿਦੇਸ਼ ਬੈਠੇ ਖਾਲਿਸਤਾਨੀ ਪੱਖੀ ਗੁਰਪਤਵੰਤ ਸਿੰਘ ਪੰਨੂ ਨੇ ਡਾਕਟਰ ਅੰਬੇਡਕਰ ਦਾ ਇਹ ਬੁੱਤ ਤੋੜਨ ਦੀ ਵੀਡੀਓ ਵੀ ਵਾਇਰਲ ਕੀਤੀ ਹੈ। ਇਸ ਵੀਡੀਓ ਦੇ ਖਿਲਾਫ ਪੰਨੂ ਭਾਰਤ, ਡਾਕਟਰ ਅੰਬੇਡਕਰ ਅਤੇ ਬ੍ਰਾਹਮਣ ਸਮਾਜ ਦੇ ਖ਼ਿਲਾਫ਼ ਬੋਲ ਰਿਹਾ ਹੈ। ਇਹ ਘਟਨਾ ਮੰਗਲਵਾਰ ਸਵੇਰੇ ਵਾਪਰੀ ਜਿਸ ਦਾ ਪਤਾ ਲੱਗਣ ਤੋਂ ਬਾਅਦ ਸਾਰਾ ਪਿੰਡ ਮੌਕੇ ‘ਤੇ ਇਕੱਠਾ ਹੋਇਆ। ਪਿੰਡ ਦੇ ਸਰਪੰਚ ਸ਼ਿੰਗਾਰਾ ਰਾਮ ਨੇ ਕਿਹਾ ਕਿ ਇਹ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਮਾਹੌਲ ਖਰਾਬ ਕਰਨ ਦੀ ਕੋਝੀ ਕੋਸ਼ਿਸ਼ ਹੈ ਅਤੇ ਇਸ ਦੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸਰਪੰਚ ਸ਼ਿੰਗਾਰਾ ਰਾਮ ਨੇ ਦੱਸਿਆ ਕਿ ਡਾਕਟਰ ਅੰਬੇਡਕਰ ਦੇ ਬੁੱਤ ਨੂੰ ਹਥੌੜੇ ਨਾਲ ਤੋੜਿਆ ਗਿਆ ਹੈ ਅਤੇ ਆਸ ਪਾਸ ਲੱਗੇ ਸ਼ੀਸ਼ੇ ਵੀ ਭੰਨ ਦਿੱਤੇ ਗਏ ਹਨ। ਸਰਪੰਚ ਨੇ ਦੱਸਿਆ ਕਿ ਡਾਕਟਰ ਅੰਬੇਡਕਰ ਦੇ ਇਸ ਬੁੱਤ ਨੂੰ ਪਹਿਲਾਂ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਤੋਂ ਬਾਅਦ ਪੰਚਾਇਤ ਨੇ ਇਸ ਦੇ ਚਾਰੇ ਪਾਸੇ ਸ਼ੀਸ਼ੇ ਲਗਾ ਦਿੱਤੇ ਸਨ।
ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ ‘ਤੇ ਪੁੱਜੇ ਤੇ ਪਿੰਡ ਵਾਲਿਆਂ ਨੂੰ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਜੇਕਰ 72 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਬਸਪਾ ਡੀਐਸਪੀ ਦਫ਼ਤਰ ਸਾਹਮਣੇ ਪੱਕਾ ਮੋਰਚਾ ਲਗਾਏਗੀ। ਉਹਨਾਂ ਕਿਹਾ ਕਿ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਕਿਉਂਕਿ ਪੰਜਾਬ ‘ਚ ਨੌਵੀਂ ਵਾਰ ਡਾਕਟਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਹੈ। ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਘਟਨਾਵਾਂ ਪੂਰੇ ਪੰਜਾਬ ‘ਚ ਵਾਪਰ ਰਹੀਆਂ ਹਨ ਜੋ ਪੰਜਾਬ ਸਰਕਾਰ ਦੀ ਅਸਫ਼ਲਤਾ ਨੂੰ ਦਰਸਾਉਂਦੀਆਂ ਹਨ। ਭਾਜਪਾ ਨੇਤਾ ਸੀਤਲ ਅੰਗਰਾਲ ਨੇ ਕਿਹਾ ਕਿ ਵਿਦੇਸ਼ ਬੈਠਾ ਗੁਰਪਤਵੰਤ ਪੰਨੂੰ ਸੋਸ਼ਲ ਮੀਡੀਆ ਰਾਹੀਂ ਦਲਿਤ ਸਮਾਜ ਨੂੰ ਲਲਕਾਰ ਰਿਹਾ ਹੈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਪ੍ਰਤੀ ਵੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰ ਰਿਹਾ ਹੈ, ਜੋ ਹਿੰਦੂ ਸਿੱਖ ਏਕਤਾ ਨੂੰ ਤੋੜਨ ਦੀ ਕੋਝੀ ਸਾਜਿਸ਼ ਹੈ।
ਫੋਟੋ ਕੈਪਸ਼ਨ-ਡਾਕਟਰ ਭੀਮ ਰਾਓ ਅੰਬੇਡਕਰ ਦੀ ਤਸਵੀਰ










