ਬਰਨਾਲਾ,6 ਜੂਨ (ਨਿਰਮਲ ਸਿੰਘ ਪੰਡੋਰੀ)-
-ਪਟਿਆਲਾ ਵਿਖੇ ਪਾਵਰਕਾਮ ਦੇ ਦਫ਼ਤਰ ਅੱਗੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸ਼ਾਂਤਮਈ ਧਰਨੇ ‘ਤੇ ਬੈਠੇ ਬਿਜਲੀ ਕਰਮਚਾਰੀਆਂ ਉੱਪਰ ਪੰਜਾਬ ਪੁਲਿਸ ਵੱਲੋਂ ਕੀਤੇ ਜ਼ੁਲਮ ਦੀ ਜ਼ੋਰਦਾਰ ਨਿਖੇਦੀ ਕਰਦੇ ਹੋਏ ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਮੁਲਾਜ਼ਮਾਂ ‘ਤੇ ਕੀਤੇ ਇਸ ਜ਼ੁਲਮ ਦਾ ਖਮਿਆਜ਼ਾ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਯੂਨੀਅਨ ਦੀ ਬਰਨਾਲਾ ਜ਼ਿਲ੍ਹੇ ਦੀ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਧਰਨਿਆਂ ‘ਚੋਂ ਨਿਕਲੀ ਪਾਰਟੀ ਨੂੰ ਹੁਣ ਮੁਲਾਜ਼ਮਾਂ ਦੇ ਧਰਨਿਆਂ ਤੋਂ ਹੀ ਡਰ ਲੱਗਣ ਲੱਗ ਪਿਆ ਹੈ। ਉਹਨਾਂ ਕਿਹਾ ਕਿ ਇਹ ਉਹੀ ਆਮ ਆਦਮੀ ਪਾਰਟੀ ਹੈ ਜਿਹਦੇ ਆਗੂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੁੰਦੇ ਰਹੇ ਹਨ ਇਥੋਂ ਤੱਕ ਕਿ ਮੁਲਾਜ਼ਮਾਂ ਦੇ ਨਾਲ ਪਾਣੀ ਵਾਲੀਆਂ ਟੈਂਕੀਆਂ ‘ਤੇ ਬੈਠ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੰਦੇ ਰਹੇ ਹਨ। ਉਸ ਵੇਲੇ ਮੁਲਾਜ਼ਮ ਇਹਨਾਂ ਡਰਾਮੇਬਾਜ਼ ਆਪ ਆਗੂਆਂ ਦੀਆਂ ਗੱਲਾਂ ਵਿੱਚ ਆ ਗਏ ਪ੍ਰੰਤੂ ਆਮ ਆਦਮੀ ਪਾਰਟੀ ਦਾ ਹੁਣ ਅਸਲੀ ਚਿਹਰਾ ਨੰਗਾ ਹੋ ਗਿਆ ਹੈ। ਰੁਪਿੰਦਰ ਬਾਵਾ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪਟਿਆਲਾ ਵਿਖੇ ਪਾਵਰਕਾਮ ਦੇ ਦਫ਼ਤਰ ਸਾਹਮਣੇ ਧਰਨੇ ‘ਤੇ ਬੈਠੇ 2600 ਅਪਰੈਂਟਸਿਪ ਕਰਮਚਾਰੀਆਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਸ਼ਾਂਤਮਈ ਧਰਨੇ ‘ਤੇ ਬੈਠੇ ਕਰਮਚਾਰੀਆਂ ਤੇ ਤਸ਼ੱਦਦ ਕਰਨ ਵਾਲੇ ਪੰਜਾਬ ਪੁਲਿਸ ਦੇ ਡੀਐਸਪੀ ਅਤੇ ਹੋਰ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਰੁਪਿੰਦਰ ਬਾਵਾ ਨੇ ਦਾਅਵਾ ਕੀਤਾ ਕਿ ਪਟਿਆਲੇ ਵਾਲੇ ਲਾਠੀਚਾਰਜ ਤੋਂ ਬਾਅਦ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ।









