Gee 98News

ਲਾਰੇ ‘ਤੇ ਲਾਰਾ ਨਿਗਮ ਸੰਬੰਧੀ ਸੀਸੀਟੀਵੀ ਫੁਟੇਜ ਦੇਣ ਤੋਂ ਭੱਜ ਰਹੇ ਨੇ ਜ਼ਿਲ੍ਹਾ ਅਧਿਕਾਰੀ….ਅਕਾਲੀ ਦਲ ਦਾ ਦੋਸ਼

ਸਾਨੂੰ ਤਾਰੀਕ ਦੇ ਕੇ ਆਪ ਵੱਡੇ ਸਾਬ੍ਹ ਛੁੱਟੀ ‘ਤੇ ਚਲੇ ਗਏ-ਬਿੱਟੂ ਦੀਵਾਨਾ

ਬਰਨਾਲਾ, 17 ਜੂਨ ( ਨਿਰਮਲ ਸਿੰਘ ਪੰਡੋਰੀ )-

-ਜ਼ਿਲ੍ਹਾ ਪ੍ਰਸ਼ਾਸਨ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਮੁਹੱਈਆ ਕਰਵਾਉਣ ਤੋਂ ਭੱਜ ਰਿਹਾ ਹੈ ਅਤੇ ਲਾਰੇ ਤੇ ਲਾਰਾ ਲਗਾ ਰਿਹਾ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਨਗਰ ਨਿਗਮ ਦੀਆਂ ਵੋਟਾਂ ਪੈਣ ਅਤੇ ਗਿਣਤੀ ਕਰਨ ਵਿੱਚ ਧਾਂਦਲੀਆਂ ਕੀਤੀਆਂ ਗਈਆਂ ਹਨ। ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਜ਼ਿਲ੍ਹਾ ਅਧਿਕਾਰੀਆਂ ‘ਤੇ ਲਗਾਉਂਦੇ ਹੋਏ ਕਿਹਾ ਕਿ ਨਗਰ ਨਿਗਮ ਦੀਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਹੀ ਅਕਾਲੀ ਦਲ ਵੱਲੋਂ ਨਿਯਮਾਂ ਅਨੁਸਾਰ ਜ਼ਿਲ੍ਹੇ ਦੇ ਚੋਣ ਅਫ਼ਸਰ ਤੋਂ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਮੁਹੱਈਆ ਕਰਵਾਉਣ ਲਈ ਦਰਖਾਸਤਾਂ ਦਿੱਤੀਆਂ ਗਈਆਂ ਸਨ ਪ੍ਰੰਤੂ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵਾਰ-ਵਾਰ ਲਾਰੇ ਲਗਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੰਤਾ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ, ਸੀਨੀਅਰ ਅਕਾਲੀ ਆਗੂ ਸੰਜੀਵ ਸ਼ੋਰੀ ਅਤੇ ਤਜਿੰਦਰ ਸਿੰਘ ਸੋਨੀ ਜਾਗਿਲ ਆਦਿ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਤੋਂ ਬਾਅਦ ਹੀ ਨਿਯਮਾਂ ਅਨੁਸਾਰ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਲੈਣ ਲਈ ਕਾਰਵਾਈ ਸ਼ੁਰੂ ਕੀਤੀ ਗਈ ਸੀ ਜਿਸ ਤੋਂ ਬਾਅਦ ਰਿਟਰਨਿੰਗ ਅਫ਼ਸਰ ਨੇ ਤਰੀਕਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਕੁਝ ਦਿਨ ਪਹਿਲਾਂ ਰਿਟਰਨਿੰਗ ਅਫ਼ਸਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ 17 ਜੂਨ ਬੁੱਧਵਾਰ ਆਉਣ ਲਈ ਕਿਹਾ ਸੀ ਪ੍ਰੰਤੂ ਅੱਜ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਉਕਤ ਆਗੂ ਰਿਟਰਨਿੰਗ ਅਧਿਕਾਰੀ ਨੂੰ ਮਿਲਣ ਗਏ ਤਾਂ ਪਤਾ ਲੱਗਿਆ ਕਿ ਰਿਟਰਨਿੰਗ ਅਧਿਕਾਰੀ ਲੰਮੀ ਛੁੱਟੀ ‘ਤੇ ਚਲੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਜ਼ਿਲ੍ਹਾ ਅਧਿਕਾਰੀ ਪੋਲਿੰਗ ਬੂਥਾਂ ਤੇ ਗਿਣਤੀ ਕੇਂਦਰਾਂ ‘ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਣ ਸੰਬੰਧੀ ਆਨਾਕਾਨੀ ਕਰ ਰਹੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਨਿਗਮ ਚੋਣਾਂ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲੈਣ ਲਈ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਹਾਈਕੋਰਟ ਪੱਧਰ ‘ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਅਕਾਲੀ ਆਗੂਆਂ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਵਿੱਚ ਧੱਕੇਸ਼ਾਹੀ ਕਰਨ ਵਾਲੇ ਕਿਸੇ ਵੀ ਸਿਵਲ ਅਤੇ ਪੁਲਿਸ ਦੇ ਅਫ਼ਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Gee98 Ads
error: Content is protected !!