-ਪੰਜਾਬ ‘ਚ ਸਖ਼ਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਵੀ ਬੇਅਦਬੀ ਦੀਆਂ ਘਟਨਾਵਾਂ ਜਾਰੀ
ਚੰਡੀਗੜ੍ਹ,18 ਜੂਨ, Gee98 News service-
-ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਵੀ ਬੇਅਦਬੀ ਦੀਆਂ ਘਟਨਾਵਾਂ ਬਾਦਸਤੂਰ ਜਾਰੀ ਹਨ। ਜਾਣਕਾਰੀ ਮੁਤਾਬਿਕ ਜਲੰਧਰ ਵਿਖੇ ਇੱਕ ਪਿੰਡ ਵਿੱਚ ਇੱਕ ਗੁਰਦੁਆਰੇ ਵਿੱਚ ਦਾਖਲ ਹੋ ਕੇ ਇੱਕ ਔਰਤ ਨੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਪਿੰਡ ਸਗਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿੱਚ ਇੱਕ ਔਰਤ ਦਾਖਲ ਹੋਈ ਅਤੇ ਉਸਨੇ ਗੁਟਕਾ ਸਾਹਿਬ ਪਾੜ ਦਿੱਤਾ। ਪਿੰਡ ਦੀ ਸਰਪੰਚ ਪ੍ਰਵੀਨ ਕੁਮਾਰੀ ਨੇ ਦੱਸਿਆ ਕਿ ਔਰਤ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਈ ਅਤੇ ਉਸਨੇ ਅੰਦਰ ਦਾਖਲ ਹੁੰਦੇ ਹੀ ਤਾੜੀਆਂ ਵਜਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਨਾਲ ਗੁਰਦੁਆਰਾ ਸਾਹਿਬ ਅੰਦਰ ਬੈਠੇ ਬੱਚੇ ਡਰ ਗਏ ਇਸ ਤੋਂ ਬਾਅਦ ਔਰਤ ਨੇ ਗੁਟਕਾ ਸਾਹਿਬ ਪਾੜ ਦਿੱਤਾ ਤਾਂ ਬੱਚਿਆਂ ਨੇ ਬਾਹਰ ਜਾ ਕੇ ਪਿੰਡ ਵਾਲਿਆਂ ਨੂੰ ਬੇਅਦਬੀ ਦੀ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਸਬੰਧਤ ਔਰਤ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਸਰਪੰਚ ਨੇ ਇਹ ਵੀ ਦੱਸਿਆ ਕਿ ਇਸ ਔਰਤ ਨੂੰ ਪਿੰਡ ਵਿੱਚ ਪਹਿਲੀ ਵਾਰ ਦੇਖਿਆ ਗਿਆ ਜਦ ਉਸ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਕਿਸੇ ਹੋਰ ਭਾਸ਼ਾ ਵਿੱਚ ਬੋਲ ਰਹੀ ਸੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਦੱਸਿਆ ਕਿ ਜਦ ਉਹ ਦਰਬਾਰ ਹਾਲ ਤੋਂ ਕੁਝ ਸਮੇਂ ਲਈ ਹੀ ਬਾਹਰ ਗਿਆ ਤਾਂ ਔਰਤ ਨੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ। ਕਿਸ਼ਨਗੜ੍ਹ ਪੁਲਿਸ ਚੌਂਕੀ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪੁੱਜ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੀ ਔਰਤ ਨੂੰ ਫੜ ਲਿਆ ਗਿਆ ਹੈ ਤੇ ਉਸਦੇ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਅਗਲੇਰੀ ਪੁੱਛਗਿਛ ਕੀਤੀ ਜਾ ਰਹੀ ਹੈ।
ਫੋਟੋ ਕੈਪਸ਼ਨ-ਸਬੰਧਿਤ ਗੁਰਦੁਆਰਾ ਸਾਹਿਬ ਦੀ ਤਸਵੀਰ