Gee 98News

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਪੰਜਾਬ ਦੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਦਾ ਵੱਡਾ ਫੈਸਲਾ

ਚੰਡੀਗੜ੍ਹ, 28 ਜੂਨ, Gee98 news service-

-ਪੰਜਾਬ ਦੇ ਸਾਰੇ ਸਿੱਖ ਮੰਤਰੀ ਅਤੇ ਵਿਧਾਇਕ, ਜਿਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੁਲਾਇਆ ਗਿਆ ਹੈ, ਉਹ ਕੱਲ੍ਹ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਜਿਹੜੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 29 ਜੂਨ ਨੂੰ ਪੇਸ਼ ਹੋਣ ਨੂੰ ਲਈ ਬੁਲਾਇਆ ਗਿਆ ਉਹ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸਤਿਕਾਰ ਸੋਧ ਐਕਟ ਸਬੰਧੀ ਪੰਜਾਬ ਸਰਕਾਰ ਦਾ ਪੱਖ ਲਿਖਤੀ ਤੌਰ ‘ਤੇ ਪੇਸ਼ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ” ਪਾਸ ਕੀਤੇ ਜਾਣ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਬੁਲਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਮੰਤਰੀਆਂ ਤੇ ਵਿਧਾਇਕਾਂ ਨੂੰ ਬੁਲਾਇਆ ਗਿਆ ਉਹ ਨਿੱਜੀ ਤੌਰ ‘ਤੇ ਪੇਸ਼ ਹੋਣਗੇ ਅਤੇ ਜਿਹੜੇ ਮੰਤਰੀਆਂ ਤੇ ਵਿਧਾਇਕਾਂ ਨੂੰ ਲਿਖ਼ਤੀ ਤੌਰ ‘ਤੇ ਪੱਖ ਪੇਸ਼ ਕਰਨ ਲਈ ਕਿਹਾ ਗਿਆ, ਉਹ ਆਪਣਾ ਪੱਖ ਲਿਖਤੀ ਤੌਰ ‘ਤੇ ਭੇਜਣਗੇ। ‌ ਪੱਤਰਕਾਰਾਂ ਨੇ ਜਦੋਂ ਮੁੱਖ ਮੰਤਰੀ ਨੂੰ ਉਹਨਾਂ ਦੇ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਬਾਰੇ ਪੁੱਛਿਆ ਤਾਂ ਮੁੱਖ ਮੰਤਰੀ ਨੇ ਕਿਹਾ ਕਿ “ਅਜੇ ਉਹਨਾਂ ਨੂੰ ਨਹੀਂ ਬੁਲਾਇਆ ਗਿਆ ਪ੍ਰੰਤੂ ਜੇਕਰ ਉਹਨਾਂ ਨੂੰ ਬੁਲਾਇਆ ਵੀ ਜਾਂਦਾ ਹੈ ਤਾਂ ਉਹ ਵੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਜਿਵੇਂ ਕਿ ਉਹ ਪਹਿਲਾਂ ਵੀ ਹੋਏ ਸਨ”। ਆਪਣੀ ਇੱਕ ਵਾਇਰਲ ਵਿਵਾਦਤ ਵੀਡੀਓ ਦੇ ਮੁੱਦੇ ‘ਤੇ ਸਵਾਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਐਨਆਰਆਈ ਜਗਮਨ ਸਮਰੇ ਵੱਲੋਂ ਉਹਨਾਂ ਦਾ ਨਾਕਾਬ ਬਣਾ ਕੇ ਪੇਸ਼ ਕੀਤੀ ਬਣਾਈ ਗਈ ਵੀਡੀਓ ਨਾਲ ਇੱਕ ਲਿਖ਼ਤੀ ਪੱਤਰ ਲਗਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ। ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਨ।

error: Content is protected !!