– ਪੀਣ ਵਾਲੇ ਪਾਣੀ ਦੀ ਘਾਟ ਅਤੇ ਗੰਦੇ ਪਾਣੀ ਦੀ ਬਦਬੂ ਕਾਰਨ ਲੋਕਾਂ ‘ਚ ਰੋਸ
ਬਰਨਾਲਾ, 29 ਜੂਨ (ਨਿਰਮਲ ਸਿੰਘ ਪੰਡੋਰੀ)-
-ਸ਼ਹਿਰ ਬਰਨਾਲਾ ਦੇ ਕਈ ਵਾਰਡਾਂ ‘ਚ ਪਿਛਲੇ ਕਈ ਦਿਨਾਂ ਤੋਂ ਲੋਕ ਪਾਣੀ ਦੀ ਸਮੱਸਿਆ ਤੋਂ ਦੁਖੀ ਹਨ। ਇੱਕ ਪਾਸੇ ਸੀਵਰੇਜ ਦੇ ਗੰਦੇ ਪਾਣੀ ਨੇ ਲੋਕਾਂ ਦੇ ਨੱਕ ‘ਚ ਦਮ ਕੀਤਾ ਹੋਇਆ ਹੈ ਅਤੇ ਦੂਜੇ ਪਾਸੇ ਪੀਣ ਵਾਲੇ ਪਾਣੀ ਦੀ ਘਾਟ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ। ਸਿਤਮਜ਼ਰੀਫ਼ੀ ਇਹ ਹੈ ਕਿ ਵਾਰ ਵਾਰ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਨਗਰ ਨਿਗਮ ਦੇ ਅਧਿਕਾਰੀਆਂ ਦੇ ਕੰਨ ‘ਤੇ ਜੂੰ ਤੱਕ ਨਹੀਂ ਸਰਕ ਰਹੀ, ਜਿਸ ਕਰਕੇ ਗੰਦੇ ਪਾਣੀ ਦੀ ਬਦਬੂ ਅਤੇ ਪੀਣ ਵਾਲੇ ਪਾਣੀ ਦੀ ਘਾਟ ਤੋਂ ਪਰੇਸ਼ਾਨ ਲੋਕਾਂ ਨੇ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਸਥਾਨਕ ਕੱਚਾ ਕਾਲਜ ਰੋਡ ‘ਤੇ ਸ਼ਹਿਰ ਦੇ ਚਾਰ ਵਾਰਡਾਂ ‘ਚ ਲੋਕ ਪਿਛਲੇ ਇੱਕ ਹਫ਼ਤੇ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਸ਼ਹਿਰ ਵਾਸੀਆਂ ਵਲੋਂ ਅੱਕ ਹਾਰ ਕੇ ਰੋਡ ਜਾਮ ਕਰਕੇ ਨਗਰ ਨਿਗਮ ਦੇ ਅਧਿਕਾਰੀਆਂ ਦੇ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਧਰਨਾ ਲਗਾਇਆ ਗਿਆ ਹੈ। ਲੋਕਾਂ ਨਾਲ ਧਰਨੇ ‘ਤੇ ਬੈਠੇ ਮਹੇਸ਼ ਕੁਮਾਰ ਲੋਟਾ, ਨਰਿੰਦਰ ਗਰਗ ਨੀਟਾ, ਗੁਰਦੀਪ ਬਾਠ, ਰਾਜਿੰਦਰ ਉੱਪਲ,ਦਰਸ਼ਨ ਸਿੰਘ ਮੰਡੇਰ, ਗਿਰਧਰ ਮਿੱਤਲ ਆਦਿ ਨੇ ਦੱਸਿਆ ਕਿ ਬਰਨਾਲਾ ਦੇ ਵਾਰਡ ਨੰਬਰ 29,39,40 ਤੇ 41 ਵਿੱਚ ਪਿਛਲੇ ਕਰੀਬ ਇੱਕ ਹਫ਼ਤੇ ਤੋ ਪੀਣ ਵਾਲੇ ਪਾਣੀ ਦੀ ਸਮੱਸਿਆ ਚੱਲ ਰਹੀ ਹੈ। ਇਸ ਸਮੱਸਿਆ ਦੇ ਹੱਲ ਲਈ ਕਈ ਵਾਰ ਸਬੰਧਤ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ, ਪਰ ਅਜੇ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ ਹੈ। ਜਿਸ ਤੋ ਖਫ਼ਾ ਹੋ ਕੇ ਲੋਕਾਂ ਨੂੰ ਰੋਡ ਜਾਮ ਕਰਕੇ ਧਰਨਾ ਦੇਣ ਲਈ ਮਜ਼ਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਲੋਕ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ। ਇਨ੍ਹਾਂ ਵਾਰਡਾਂ ਵਿੱਚ ਖਰਾਬ ਟਿਊਬਵੈੱਲ ਨੂੰ ਠੀਕ ਨਹੀਂ ਕਰਵਾਇਆ ਜਾ ਰਿਹਾ ਹੈ, ਕਈ ਵਾਰਡਾਂ ਵਿੱਚ ਟੂਟੀਆਂ ਵਿੱਚ ਗੰਦਾ ਪਾਣੀ ਆ ਰਿਹਾ ਹੈ ਤੇ ਕਈ ਥਾਈਂ ਸੀਵਰੇ ਓਵਰਫ਼ਲੋ ਹੋ ਚੁੱਕਿਆ ਹੈ ਤੇ ਗੰਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਚੁੱਕਿਆ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਨੂੰ ਪਾਣੀ ਦੀ ਆ ਰਹੀ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ ਜੇਕਰ ਅਜਿਹਾ ਨਾ ਹੋਇਆਂ ਤਾਂ ਰੋਸ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
ਫੋਟੋ ਕੈਪਸ਼ਨ :- ਸੜਕ ਜਾਮ ਕਰਕੇ ਧਰਨਾ ਦਿੰਦੇ ਹੋਏ ਸ਼ਹਿਰ ਵਾਸੀ।