Skip to main content

Gee 98News

ਰਿਸ਼ਵਤ ਮੰਗਣ ਵਾਲੇ ‘ਮਾਸਟਰ ਜੀ’ ਫਸ ਗਏ ਵਿਜੀਲੈਂਸ ਦੀ ਕੁੜਿੱਕੀ ਵਿੱਚ….!

-ਵਿਦਿਆਰਥਣਾਂ ਲਈ ਸਾਈਕੋਮੈਟ੍ਰਿਕ ਟੈਸਟਿੰਗ ਦੀ ਮਨਜ਼ੂਰੀ ਬਦਲੇ ਮੰਗੀ ਸੀ ਰਿਸ਼ਵਤ

ਚੰਡੀਗੜ੍ਹ, 2 ਜੁਲਾਈ, ( Gee98 news service )-

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਤਾਇਨਾਤ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ। ਸ਼ਿਕਾਇਤ ਅਨੁਸਾਰ, ਸਤਿੰਦਰ ਬੀਰ ਸਿੰਘ ਨੇ ਸੇਵਾਮੁਕਤੀ ਤੋਂ ਬਾਅਦ ‘ਐਜੂਰਾਈਜ਼ ਐਂਟਰਪ੍ਰਾਈਜ਼’ ਨਾਮ ਦੀ ਫਰਮ ਸ਼ੁਰੂ ਕੀਤੀ ਸੀ, ਜਿਸ ਨੇ ਕਪੂਰਥਲਾ ਦੇ ਭੁਲੱਥ ਬਲਾਕ ਦੇ 14 ਸਰਕਾਰੀ ਸਕੂਲਾਂ ਦੀਆਂ 187 ਵਿਦਿਆਰਥਣਾਂ ਲਈ ਸਾਈਕੋਮੈਟ੍ਰਿਕ ਟੈਸਟਿੰਗ ਦੀ ਮਨਜ਼ੂਰੀ ਲਈ ਅਰਜ਼ੀ ਦਿੱਤੀ ਸੀ। ਦੋਸ਼ ਹੈ ਕਿ ਮੁਲਜ਼ਮ ਪਰਮਜੀਤ ਸਿੰਘ ਨੇ ਇਸ ਕੰਮ ਦੀ ਮਨਜ਼ੂਰੀ ਦੇਣ ਦੇ ਬਦਲੇ ਪਹਿਲਾਂ 200 ਰੁਪਏ ਪ੍ਰਤੀ ਵਿਦਿਆਰਥਣ ਅਤੇ ਬਾਅਦ ਵਿੱਚ 150 ਰੁਪਏ ਪ੍ਰਤੀ ਵਿਦਿਆਰਥਣ ਰਿਸ਼ਵਤ ਦੀ ਮੰਗ ਕੀਤੀ। ਜਦਕਿ ਸਰਕਾਰ ਇਸ ਟੈਸਟ ਲਈ ਕੰਪਨੀ ਨੂੰ 700 ਰੁਪਏ ਪ੍ਰਤੀ ਵਿਦਿਆਰਥਣ ਅਦਾ ਕਰਦੀ ਹੈ। ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਆਡੀਓ ਰਿਕਾਰਡਿੰਗਾਂ ਦੀ ਜਾਂਚ ਦੌਰਾਨ ਦੋਸ਼ਾਂ ਦੀ ਪੁਸ਼ਟੀ ਹੋਈ। ਇਸ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਵਿੱਚ ਹੋਰ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Gee98 Ads
error: Content is protected !!