– ਹੁਣ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਨਹੀਂ ਵਧਾ ਸਕਣਗੇ ਫੀਸ
ਚੰਡੀਗੜ੍ਹ,13 ਜੁਲਾਈ, Gee98 news service-
ਪੰਜਾਬ ‘ਚ ਪ੍ਰਾਈਵੇਟ ਸਕੂਲ ਹੁਣ ਆਪਣੀ ਮਰਜ਼ੀ ਨਾਲ ਫੀਸਾਂ ‘ਚ ਵਾਧਾ ਨਹੀਂ ਕਰ ਸਕਣਗੇ। ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਹਰ ਸਾਲ ਕੀਤੇ ਜਾਂਦੇ ਫੀਸ ਵਿੱਚ ਵਾਧੇ ਨੂੰ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਵਿਸ਼ੇਸ਼ ਆਰਡੀਨੈਂਸ ਨੂੰ ਪੰਜਾਬ ਦੇ ਰਾਜਪਾਲ ਚੰਦ ਕਟਾਰੀਆ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਨਾਲ ਹੁਣ ਇਹ ਫੀਸ ਕੰਟਰੋਲ ਪ੍ਰਣਾਲੀ ਪੂਰੇ ਸੂਬੇ ਵਿੱਚ ਕਾਨੂੰਨੀ ਤੌਰ ‘ਤੇ ਲਾਗੂ ਹੋ ਗਈ ਹੈ, ਜਿਸ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ ਫੀਸ ਵਿੱਚ 5 ਫੀਸਦੀ ਤੋਂ ਜ਼ਿਆਦਾ ਵਾਧਾ ਨਹੀਂ ਕਰ ਸਕੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ-2026’ ਲਿਆਉਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਸਰਕਾਰ ਨੇ ਇਹ ਕਦਮ 3 ਜੂਨ ਨੂੰ ਮੁੱਖ ਮੰਤਰੀ ਵੱਲੋਂ ਕੀਤੇ ਗਏ ਐਲਾਨ ਅਤੇ ਅੰਮ੍ਰਿਤਸਰ ਵਿੱਚ ਫੀਸਾਂ ਦੇ ਬੇਲੋੜੇ ਦਬਾਅ ਕਾਰਨ ਇੱਕ 17 ਸਾਲਾ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦੀ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਚੁੱਕਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜਪਾਲ ਵੱਲੋਂ ਪ੍ਰਵਾਨਿਤ ਇਸ ਨਵੀਂ ਵਿਵਸਥਾ ਤਹਿਤ ਜੇਕਰ ਕਿਸੇ ਸਕੂਲ ਨੇ 5 ਫੀਸਦੀ ਤੋਂ ਵੱਧ ਫੀਸ ਵਧਾਉਣੀ ਹੈ, ਤਾਂ ਉਸ ਨੂੰ ਰੈਗੂਲੇਟਰੀ ਬਾਡੀ ਤੋਂ ਅਗਾਊਂ ਮਨਜ਼ੂਰੀ ਲੈਣੀ ਹੋਵੇਗੀ, ਜੋ ਸਕੂਲ ਦਾ ਵਿੱਤੀ ਆਡਿਟ ਕਰੇਗੀ। ਇਸ ਦੇ ਨਾਲ ਹੀ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਵਾਧੂ ਫੀਸਾਂ ਵਸੂਲੀਆਂ ਹਨ, ਉਨ੍ਹਾਂ ਦਾ ਰਿਕਾਰਡ ਸੀਜ਼ ਕਰਕੇ ਮਾਪਿਆਂ ਨੂੰ ਪੈਸੇ ਰਿਫੰਡ ਕੀਤੇ ਜਾਣਗੇ। ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਇਸ ਆਰਡੀਨੈਂਸ ਦੀ ਥਾਂ ਪੱਕਾ ਬਿੱਲ ਲਿਆਂਦਾ ਜਾਵੇਗਾ।