ਮਹਿਲ ਕਲਾਂ, 6 ਅਗਸਤ (ਨਿਰਮਲ ਸਿੰਘ ਪੰਡੋਰੀ):-
ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਹਮੀਦੀ ਵਿੱਚ 20 ਕੁ ਸਾਲ ਦੇ ਨੌਜਵਾਨ ਦੀ ਮੌਤ ਦੇ ਸਬੰਧ ਵਿੱਚ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਪਿੰਡ ਹਮੀਦੀ ਦੇ ਹੀ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਜੈਬ ਸਿੰਘ ਨੇ ਦੱਸਿਆ ਕਿ ਪਿੰਡ ਹਮੀਦੀ ‘ਚ ਖਾਲੀ ਪਏ ਇੱਕ ਮਕਾਨ ‘ਚ ਇੱਕ ਨੌਜਵਾਨ ਦੀ ਲਾਸ਼ ਪਏ ਹੋਣ ਸਬੰਧੀ ਸੂਚਨਾ ਮਿਲੀ ਸੀ ਜਿਸ ਦੀ ਪਛਾਣ ਸਗਨਦੀਪ ਸਿੰਘ ਵਾਸੀ ਨੰਗਲ (ਜ਼ਿਲ੍ਹਾ ਮੋਗਾ) ਵਜੋਂ ਹੋਈ ਹੈ, ਜੋ ਪਿਛਲੇ ਕਰੀਬ ਦੋ ਤੋਂ ਤਿੰਨ ਮਹੀਨਿਆਂ ਤੋਂ ਆਪਣੇ ਨਾਨਕੇ ਘਰ ਪਿੰਡ ਹਮੀਦੀ ਵਿਖੇ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਮਾਮਾ ਰਣਧੀਰ ਸਿੰਘ ਧੀਰਾ ਵਾਸੀ ਹਮੀਦੀ ਦੇ ਬਿਆਨਾਂ ਦੇ ਆਧਾਰ ‘ਤੇ ਓਵਰਡੋਜ਼ ਸਬੰਧੀ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਰਣਵੀਰ ਸਿੰਘ ਉਰਫ਼ ਰਾਣਾ ਵਾਸੀ ਹਮੀਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਨਸ਼ੀਲਾ ਪਦਾਰਥ ਕਿੱਥੋਂ ਪ੍ਰਾਪਤ ਕੀਤਾ ਗਿਆ ਅਤੇ ਇਸ ਮਾਮਲੇ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜੇਕਰ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਫੋਟੋ ਕੈਪਸ਼ਨ-ਥਾਣਾ ਠੁੱਲੀਵਾਲ ਦੀ ਪੁਲਿਸ ਪਾਰਟੀ ਨਾਲ ਫੜਿਆ ਗਿਆ ਦੋਸ਼ੀ