ਚੰਡੀਗੜ, 16 ਦਸੰਬਰ (ਨਿਰਮਲ ਸਿੰਘ ਪੰਡੋਰੀ) : ਭਾਰਤ ਵਿੱਚ ਲੜਕੀਆਂ ਦੇ ਵਿਆਹ ਦੀ ਉਮਰ 18 ਸਾਲ ਤੋਂ ਵਧ ਕੇ 21 ਸਾਲ ਹੋਣ ਜਾ ਰਹੀ ਹੈ। ਕੇਂਦਰੀ ਕੈਬਨਿਟ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸੰਬੰਧੀ ਜਲਦੀ ਹੀ ਇੱਕ ਬਿੱਲ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪਾਸ ਹੋਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ। ਤਹਾਨੂੰ ਯਾਦ ਹੋਣਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਆਪਣੇ ਭਾਸ਼ਣ ’ਚ ਇਸ ਗੱਲ ਦਾ ਵਿਸ਼ੇਸ਼ ਜ਼ਿਕਰ ਕੀਤਾ ਸੀ ਕਿ ਘੱਟ ਉਮਰ ’ਚ ਵਿਆਹ ਹੋਣ ਕਰਕੇ ਬਹੁ ਗਿਣਤੀ ਮਹਿਲਾਵਾਂ ਨੂੰ ਮਾਂ ਬਣਨ ਸਮੇਂ ਕਈ ਸਰੀਰਕ ਸਮੱਸਿਆਵਾਂ ਦਾ ਸਹਮਣਾ ਕਰਨਾ ਪੈ ਰਿਹਾ ਹੈ, ਜਿਸ ਤੋਂ ਬਾਅਦ ਲੜਕੀਆਂ ਦੇ ਵਿਆਹ ਦੀ ਉਮਰ ’ਚ ਵਾਧਾ ਕਰਨ ਦੀ ਚਰਚਾ ਸ਼ੁਰੂ ਹੋ ਗਈ ਸੀ। ਇਸ ਸੰਬਧੀ ਕਾਨੂੰਨ ਬਣਨ ਤੋਂ ਬਾਅਦ ਜੇਕਰ ਕਿਸੇ ਲੜਕੀ ਦਾ ਵਿਆਹ 21 ਸਾਲ ਦੀ ਉਮਰ ਤੋਂ ਘੱਟ ਕੀਤਾ ਜਾਂਦਾ ਹੈ ਤਾਂ ਅਜਿਹੇ ਵਿਆਹ ਦੀ ਰਜਿਸਟ੍ਰੇਸ਼ਨ ਨਹੀਂ ਕੀਤੀ ਜਾਵੇਗੀ ਅਤੇ ਇਹ ਗ਼ੈਰ ਕਾਨੂੰਨੀ ਮੰਨਿਆ ਜਾਵੇਗਾ। ਜੇਕਰ ਇਹ ਬਿੱਲ ਸੰਸਦ ਵਿੱਚ ਪਾਸ ਹੋ ਜਾਂਦਾ ਹੈ ਤਾਂ ਇਸ ਨੂੰ ਤੁਰੰਤ ਪ੍ਰਭਾਵ ਨਾਲ ਕਾਨੂੰਨ ਬਣਾ ਕੇ ਲਾਗੂ ਕੀਤਾ ਜਾਵੇਗਾ ਅਤੇ ਇਹ ਹਰ ਧਰਮ ਉੱਪਰ ਲਾਗੂ ਹੋਵੇਗਾ। ਜ਼ਿਕਰਯੋਗ ਹੈ ਕਿ ਕਿ ਵਿਆਹ ਲਈ ਲੜਕਿਆਂ ਦੀ ਉਮਰ ਪਹਿਲਾਂ ਹੀ 21 ਸਾਲ ਨਿਰਧਾਰਿਤ ਕੀਤੀ ਹੋਈ ਹੈ।










