– BJP ਦੇ ਵਿਦਿਆਰਥੀ ਵਿੰਗ ABVP ‘ਤੇ ਲਗਾਏ ਦੋਸ਼
ਚੰਡੀਗੜ੍ਹ, 28 ਅਗਸਤ, Gee98 News Network
-ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਪਾਰਟੀ ਦੇ ਵਿਦਿਆਰਥੀ ਵਿੰਗ ASAP ਦੇ ਮੈਂਬਰਾਂ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਸਨਸਨੀਖੇਜ ਖੁਲਾਸਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੀਤ ਹੇਅਰ ਨੇ ਭਾਜਪਾ ਦੇ ਵਿਦਿਆਰਥੀ ਵਿੰਗ ABVP ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ASAP ਦੇ ਮੈਂਬਰਾਂ ਨੂੰ ABVP ਵਾਲਿਆਂ ਵੱਲੋਂ ਗੈਂਗਸਟਰਾਂ ਤੋਂ ਫੋਨ ਕਰਵਾ ਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ ‘ਚ ABVP ਦੇ ਪੱਖ ਵਿੱਚ ਵੋਟ ਪਾਉਣ ਲਈ ਕਿਹਾ ਜਾ ਰਿਹਾ ਹੈ। ਦੱਸ ਦੇਈਏ ਕਿ ਮੀਤ ਹੇਅਰ ਨੂੰ “ਆਪ” ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਹੈ। ਮੀਤ ਹੇਅਰ ਨੇ ਇਹ ਗੰਭੀਰ ਦੋਸ਼ ਵੀ ਲਗਾਏ ਕਿ ਪੰਜਾਬ ਯੂਨੀਵਰਸਿਟੀ ਦੇ ਕੁਝ ਸਟਾਫ਼ ਮੈਂਬਰਾਂ ਵੱਲੋਂ ਵੀ ਭਾਜਪਾ ਦੇ ਵਿਦਿਆਰਥੀ ਵਿੰਗ ਦੀ ਮਦਦ ਕੀਤੀ ਜਾ ਰਹੀ ਹੈ। ਮੀਤ ਹੇਅਰ ਨੇ ਦਾਅਵਾ ਕੀਤਾ ਕਿ ਪੰਜਾਬ ਯੂਨੀਵਰਸਿਟੀ ਦੇ ਕੁਝ ਵਿਭਾਗਾਂ ਦੇ ਸਟਾਫ਼ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਵਿਭਾਗਾਂ ਵਿੱਚ ਜਾ ਕੇ ABVP ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਮੀਤ ਹੇਅਰ ਨੇ ਦੱਸਿਆ ਕਿ ਉਹਨਾਂ ਦੀ ਪਾਰਟੀ ਦੇ ਇੱਕ ਨੇਤਾ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਉਸਦੇ ਪਿਤਾ ਨੂੰ ਗੈਂਗਸਟਰਾਂ ਦਾ ਫੋਨ ਆਇਆ। ਮੀਤ ਹੇਅਰ ਨੇ ਦਾਅਵਾ ਕੀਤਾ ਕਿ ਫੋਨ ਕਰਨ ਵਾਲੇ ਨੇ ਕਿਹਾ ਕਿ “ਆਪਣੇ ਬੇਟੇ ਨੂੰ ਸਮਝਾ ਲੈ, ਉਹ ਗ਼ਲਤ ਪਾਰਟੀ ਦੀ ਹਮਾਇਤ ਕਰ ਰਿਹਾ ਹੈ। ਇਸ ਤੋਂ ਬਾਅਦ ਉਸ ਨੂੰ ABVP ਦਾ ਸਮਰਥਨ ਕਰਨ ਲਈ ਕਿਹਾ ਗਿਆ ਤੇ ਅਜਿਹਾ ਨਾ ਕਰਨ ‘ਤੇ ਗੋਲੀ ਮਾਰਨ ਦੀ ਧਮਕੀ ਵੀ ਦਿੱਤੀ ਗਈ”। ਮੀਤ ਹੇਅਰ ਨੇ ਕਿਹਾ ਕਿ ਉਹਨਾਂ ਨੂੰ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਮੈਂਬਰਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦਾ ਕੁਝ ਸਟਾਫ਼ ਵੀ ਸ਼ਰੇਆਮ ਭਾਜਪਾ ਦੇ ਵਿਦਿਆਰਥੀ ਵਿੰਗ ਦੀ ਮਦਦ ਕਰ ਰਿਹਾ ਹੈ। ਆਪ ਦੇ ਮੈਂਬਰ ਪਾਰਲੀਮੈਂਟ ਮੇਅਰ ਨੇ ਚੰਡੀਗੜ੍ਹ ਪੁਲਿਸ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ਨੂੰ ਧਮਕੀ ਦੇਣ ਅਤੇ ਜੋ ਵਿਦਿਆਰਥੀ ਕੌਂਸਲ ਦੀ ਚੋਣ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ‘ਚ ਪੰਜਾਬ ਯੂਨੀਵਰਸਿਟੀ ਏਰੀਆ ਦੇ ਡੀਐਸਪੀ SPS ਸੌਂਧੀ ਨੇ ਕਿਹਾ ਕਿ ਇਸ ਸਬੰਧੀ ਪੁਲਿਸ ਕੋਲ ਅਜੇ ਤੱਕ ਕੋਈ ਸ਼ਿਕਾਇਤ ਦਰਜ ਨਹੀਂ ਹੋਈ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਜਾਂ ਕਿਸੇ ਹੋਰ ਵਿਅਕਤੀ ਵੱਲੋਂ ਸ਼ਿਕਾਇਤ ਮਿਲਦੀ ਹੈ ਤਾਂ ਪੁਲਿਸ ਮਾਮਲੇ ਦੀ ਜਾਂਚ ਕਰੇਗੀ ਅਤੇ ਦੋਸ਼ ਸਹੀ ਪਾਏ ਜਾਣ ‘ਤੇ ਕਾਰਵਾਈ ਕੀਤੀ ਜਾਵੇਗੀ।
-31 ਅਗਸਤ ਨੂੰ ਹੋਣਗੀਆਂ PU ਵਿਦਿਆਰਥੀ ਕੌਂਸਲ ਦੀਆਂ ਚੋਣਾਂ
ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਂਸਲ ਦੀ ਚੋਣ 31 ਅਗਸਤ ਨੂੰ ਹੋਵੇਗੀ, ਜਿਸ ਵਿੱਚ ਪ੍ਰਧਾਨ ਦੇ ਅਹੁਦੇ ਲਈ 4, ਉਪ ਪ੍ਰਧਾਨ ਦੇ ਅਹੁਦੇ ਲਈ 5, ਸਕੱਤਰ ਦੇ ਲਈ 3 ਅਤੇ ਜੁਆਇੰਟ ਸੈਕਟਰੀ ਦੇ ਅਹੁਦੇ ਲਈ 4 ਉਮੀਦਵਾਰ ਮੈਦਾਨ ਵਿੱਚ ਹਨ। ਉਮੀਦਵਾਰਾਂ ਦੀ ਅੰਤਿਮ ਸੂਚੀ ਫਾਈਨਲ ਹੋਣ ਤੋਂ ਬਾਅਦ ਵਿਦਿਆਰਥੀ ਸੰਗਠਨਾਂ ਨੇ ਆਪਣੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ। ਯੂਨੀਵਰਸਿਟੀ ਕੈਂਪਸ ਵਿੱਚ 200 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ, ਇਹ ਪੁਲਿਸ ਕਰਮਚਾਰੀ ਯੂਨੀਵਰਸਿਟੀ ਦੇ ਸਾਰੇ ਗੇਟਾਂ ‘ਤੇ ਤਾਇਨਾਤ ਰਹਿਣਗੇ ਤੇ ਆਉਣ ਜਾਣ ਵਾਲੇ ਲੋਕਾਂ ਦੀ ਸਖ਼ਤ ਚੈਕਿੰਗ ਵੀ ਕੀਤੀ ਜਾ ਰਹੀ ਹੈ।