ਚੰਡੀਗੜ੍ਹ,16 ਸਤੰਬਰ, Gee98 News service-
ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੁਅੱਤਲ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪੱਕੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਸੁਪਰੀਮ ਕੋਰਟ ਨੇ ਕਰਾਰਾ ਝਟਕਾ ਦਿੱਤਾ ਹੈ। ਹਰਚਰਨ ਸਿੰਘ ਭੁੱਲਰ ਦੀ ਪੱਕੀ ਜ਼ਮਾਨਤ ਲਈ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਚੀਫ਼ ਜਸਟਿਸ ਸ੍ਰੀ ਸੂਰੀਆ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਜ਼ਮਾਨਤ ਦੇਣ ਦੇ ਮਾਮਲੇ ‘ਚ ਸਖ਼ਤ ਰੁੱਖ ਅਪਣਾਉਂਦੇ ਹੋਏ ਮੌਖਿਕ ਟਿੱਪਣੀ ਕਰਦੇ ਹੋਏ ਕਿਹਾ ਕਿ “100 ਫੀਸਦੀ ਕੇਸ ਆਫ਼ ਡਿਸਮਿਸਲ ! ਤੁਸੀਂ ਇਸ ਨੂੰ ਹੁਣੇ ਖਾਰਜ ਕਰਵਾਉਣਾ ਚਾਹੁੰਦੇ ਹੋ ਜਾਂ ਬਾਅਦ ਵਿੱਚ ?”
ਜਿਕਰਯੋਗ ਹੈ ਕਿ ਸੁਪਰੀਮ ਕੋਰਟ ਚੀਫ਼ ਜਸਟਿਸ ਦੀ ਅਗਵਾਈ ਹੇਠ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰ ਰਹੀ ਹੈ ਜੋ ਭੁੱਲਰ ਨੇ ਹਾਈ ਕੋਰਟ ਵੱਲੋਂ ਜ਼ਮਾਨਤ ਦੇ ਹੁਕਮਾਂ ਨੂੰ ਰੱਦ ਕਰਨ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਸੀ। ਇਸ ਮਾਮਲੇ ‘ਚ ਮੰਗਲਵਾਰ ਸੁਪਰੀਮ ਕੋਰਟ ‘ਚ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਭੁੱਲਰ ਨੂੰ ਜ਼ਮਾਨਤ ਦੇਣ ਦੀ ਬਜਾਏ ਕੁਝ ਮਹੱਤਵਪੂਰਨ ਗਵਾਹਾਂ ਦੇ ਬਿਆਨ ਦਰਜ ਹੋਣ ਤੱਕ ਇੰਤਜ਼ਾਰ ਕਰਨ ਦਾ ਸੰਕੇਤ ਦਿੱਤਾ ਅਤੇ ਅਗਲੀ ਸੁਣਵਾਈ ਚਾਰ ਹਫ਼ਤਿਆਂ ਲਈ ਟਾਲ ਦਿੱਤੀ। ਸੁਣਵਾਈ ਦੌਰਾਨ ਭੁੱਲਰ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ‘ਚ ਸ਼ਿਕਾਇਤਕਰਤਾ ਤੇ ਇੱਕ ਹੋਰ ਮਹੱਤਵਪੂਰਨ ਗਵਾਹ ਦਾ ਅਜੇ ਤੱਕ ਬਿਆਨ ਦਰਜ ਨਹੀਂ ਹੋਇਆ ਹੈ। ਭੁੱਲਰ ਦੇ ਵਕੀਲ ਨੇ ਦੋ ਸ਼ੈਡੋ ਗਵਾਹ ਭਾਵ ਅਜਿਹੇ ਗਵਾਹਾਂ ਦੀ ਗਵਾਹੀ ਕਰਾਉਣ ਦੀ ਇਜਾਜ਼ਤ ਵੀ ਮੰਗੀ ਜਿਨਾਂ ਨੂੰ ਜਾਂਚ ਦੌਰਾਨ ਕਾਰਵਾਈ ਲਈ ਨਾਲ ਰੱਖਿਆ ਹੋਇਆ ਸੀ, ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਕਿ ਉਹ ਕੁਝ ਗਵਾਹਾਂ ਦੇ ਬਿਆਨ ਦਰਜ ਹੋਣ ਤੱਕ ਜ਼ਮਾਨਤ ਅਰਜ਼ੀ ‘ਤੇ ਵਿਚਾਰ ਕਰੇਗੀ।