ਚੰਡੀਗੜ੍ਹ ,20 ਅਕਤੂਬਰ, Gee98 News service
-ਪੰਜਾਬ ਸਰਕਾਰ ਨੇ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਪੁੱਜਣ ਤੋਂ ਪਹਿਲਾਂ ਹੀ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੀ ਜਾਂਚ CBI ਨੂੰ ਸੌਂਪਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਐਲਾਨ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਕਤਲ ਦੀ ਜਾਂਚ CBI ਨੂੰ ਸੌਂਪੀ ਜਾ ਰਹੀ ਹੈ। ਦੱਸ ਦੇਈਏ ਕਿ ਅੱਜ ਗ੍ਰਿਹ ਮੰਤਰੀ ਅਮਿਤ ਸ਼ਾਹ ਪੰਜਾਬ ਦੌਰੇ ‘ਤੇ ਹਨ ਇਸ ਦੌਰਾਨ ਉਹ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਵੀ ਮਿਲਣਗੇ। ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਹੀ ਪਰਿਵਾਰ ਵੱਲੋਂ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ 8 ਦਿਨਾਂ ਤੱਕ ਸਰਕਾਰ ਨੇ ਇਸ ਮੰਗ ‘ਤੇ ਕੋਈ ਹੁੰਗਾਰਾ ਨਹੀਂ ਭਰਿਆ, ਹੁਣ ਜਦੋਂ ਕਿ ਅੱਜ ਕੇਂਦਰੀ ਗ੍ਰਿਹ ਮੰਤਰੀ ਪੀੜਿਤ ਪਰਿਵਾਰ ਨੂੰ ਮਿਲਣ ਆ ਰਹੇ ਹਨ ਤਾਂ ਅਚਾਨਕ ਪੰਜਾਬ ਦੇ ਮੁੱਖ ਮੰਤਰੀ ਨੇ ਸਵੇਰੇ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਂਚ ਸੀਬੀਆਈ ਨੂੰ ਸੌਂਪਣ ਦੀ ਪੋਸਟ ਵਾਇਰਲ ਕਰ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਸਬੰਧੀ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਮੈਂਬਰ ਅਤੇ ਪਰਿਵਾਰ ਦੇ ਨਜ਼ਦੀਕੀ ਇੰਦਰਜੀਤ ਸਿੰਘ ਮੁਨਸ਼ੀ ਨੇ ਕਿਹਾ ਕਿ ਸਰਕਾਰ ਦਾ ਇਹ ਐਲਾਨ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਹੀ ਹੋਇਆ ਹੈ। ਉਹਨਾਂ ਕਿਹਾ ਕਿ ਘਟਨਾ ਵਾਪਰੀ ਨੂੰ 8 ਦਿਨ ਹੋ ਗਏ ਹਨ, ਉਦੋਂ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਮੁੱਖ ਮੰਤਰੀ ਕਿੱਥੇ ਸਨ। ਕੇਂਦਰ ਦੇ ਸਾਬਕਾ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾਈ ਹੈ ਕਿ ਪੰਜਾਬ ਸਰਕਾਰ ਨੇ ਅਮਿਤ ਸ਼ਾਹ ਦੇ ਦੌਰੇ ਤੋਂ ਡਰ ਕੇ ਹੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਐਲਾਨ ਕੀਤਾ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਅਜੇ ਕੱਲ੍ਹ ਹੀ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਕਿਹਾ ਸੀ ਕਿ ਉਹਨਾਂ ਨੂੰ ਮੁੱਖ ਮੰਤਰੀ ਜਾਂ ਡੀਜੀਪੀ ਦੀ ਅਸਤੀਫ਼ੇ ਨਾਲ ਕੋਈ ਮਤਲਬ ਨਹੀਂ ਉਹ ਚਾਹੁੰਦੇ ਹਨ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਜਲਦੀ ਸੌਂਪੀ ਜਾਵੇ। ਪਰਵਿੰਦਰ ਸਿੰਘ ਝੋਟਾ ਦੇ ਇਸ ਬਿਆਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਪ੍ਰਤੀ ਨਰਮਾਈ ਵਾਲਾ ਮੰਨਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਜਾਂਚ ਸੀਬੀਆਈ ਨੂੰ ਸੌਂਪਣ ਦਾ ਐਲਾਨ ਕੀਤਾ। ਬੀਤੇ ਕੱਲ੍ਹ ਤੋਂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਮੋਰਚੇ ਦੇ ਮੈਂਬਰਾਂ ‘ਚ ਕੁਝ ਮੱਤਭੇਦਾਂ ਦੀਆਂ ਖ਼ਬਰਾਂ ਵੀ ਚਰਚਾ ਵਿੱਚ ਹਨ। ਹੁਣ ਇੱਕ ਪਾਸੇ ਜਿੱਥੇ ਸੋਸ਼ਲ ਮੀਡੀਆ ‘ਤੇ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ ਦਾ ਸਵਾਗਤ ਕੀਤਾ ਜਾ ਰਿਹਾ ਉੱਥੇ ਦੂਜੇ ਪਾਸੇ ਅੱਜ ਸਭ ਦੀਆਂ ਨਜ਼ਰਾਂ ਗ੍ਰਿਹ ਮੰਤਰੀ ਦੀ ਮਾਨਸਾ ਆਮਦ ‘ਤੇ ਟਿਕੀਆਂ ਹੋਈਆਂ ਹਨ।