ਚੰਡੀਗੜ੍ਹ, 27, ਨਵੰਬਰ (ਨਿਰਮਲ ਸਿੰਘ ਪੰਡੋਰੀ)-
-ਆਮ ਆਦਮੀ ਕਲੀਨਿਕ ਸਾਂਝਾ ਫਰੰਟ, ਪੰਜਾਬ ਵੱਲੋਂ 25 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਕਲੀਨਿਕ ਦੇ ਮੁਲਾਜ਼ਮਾਂ ਨਾਲ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਦੁਰਵਿਵਹਾਰ, ਧੱਕਾ-ਮੁੱਕੀ ਅਤੇ ਬੈਰੀਕੇਡਿੰਗ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਸਾਂਝਾ ਫਰੰਟ ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਲਗਾਤਾਰ ਇਹ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਦਰਵਾਜ਼ੇ ਹਰ ਆਮ ਵਿਅਕਤੀ ਅਤੇ ਮੁਲਾਜ਼ਮ ਲਈ ਖੁੱਲ੍ਹੇ ਹਨ, ਪਰ ਦੂਜੇ ਪਾਸੇ ਜਦੋਂ ਆਪਣੇ ਹੱਕਾਂ ਦੀ ਆਵਾਜ਼ ਲੈ ਕੇ ਮੁਲਾਜ਼ਮ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪਹੁੰਚਣਾ ਚਾਹੁੰਦੇ ਹਨ ਤਾਂ ਉਨ੍ਹਾਂ ਦੇ ਰਾਹ ਵਿੱਚ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਰੋਕਿਆ ਜਾਂਦਾ ਹੈ ਅਤੇ ਧੱਕਾ-ਮੁੱਕੀ ਕੀਤੀ ਜਾਂਦੀ ਹੈ। ਸਵਾਲ ਇਹ ਹੈ ਕਿ ਜੇਕਰ ਮੁੱਖ ਮੰਤਰੀ ਦੇ ਦਰਵਾਜ਼ੇ ਸੱਚਮੁੱਚ ਹਰ ਕਿਸੇ ਲਈ ਖੁੱਲ੍ਹੇ ਹਨ ਤਾਂ ਫਿਰ ਮੁਲਾਜ਼ਮਾਂ ਨੂੰ ਉਨ੍ਹਾਂ ਤੱਕ ਪਹੁੰਚਣ ਤੋਂ ਰੋਕਿਆ ਕਿਉਂ ਜਾਂਦਾ ਹੈ? ਆਗੂਆਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮ ਦਿਨ-ਰਾਤ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਹੇ ਹਨ, ਪਰ ਅੱਜ ਜਦੋਂ ਉਹ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਉਠਾਉਂਦੇ ਹਨ ਤਾਂ ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾਂਦਾ ਹੈ। ਇਹ ਬੇਹੱਦ ਮੰਦਭਾਗਾ ਅਤੇ ਲੋਕਤੰਤਰਿਕ ਅਧਿਕਾਰਾਂ ਦਾ ਘਾਣ ਹੈ। ਸਾਂਝਾ ਫਰੰਟ ਦੀਆਂ ਮੁੱਖ ਮੰਗਾਂ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਤਨਖ਼ਾਹਾਂ ਵਿੱਚ ਵਾਜਬ ਵਾਧਾ ਕਰਨਾ ਅਤੇ ਐਤਵਾਰ ਤੇ ਸਰਕਾਰੀ ਛੁੱਟੀਆਂ ਵਾਲੇ ਦਿਨਾਂ ਦੀ ਡਿਊਟੀ ਦਾ ਬਣਦਾ ਮਿਹਨਤਾਨਾ ਦੇਣਾ ਸ਼ਾਮਲ ਹੈ। ਫਰੰਟ ਨੇ ਸਰਕਾਰ ਤੋਂ ਮੰਗ ਕੀਤੀ ਕਿ 25 ਨਵੰਬਰ ਨੂੰ ਮੁਲਾਜ਼ਮਾਂ ਨਾਲ ਹੋਈ ਧੱਕਾ-ਮੁੱਕੀ ਦੀ ਨਿੰਦਾ ਕਰਦੇ ਹੋਏ।ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਪੱਧਰ ’ਤੇ ਜਲਦ ਮੀਟਿੰਗ ਬੁਲਾਈ ਜਾਵੇ। ਸਾਂਝਾ ਫਰੰਟ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਦੀ ਇਹ ਲੜਾਈ ਕਿਸੇ ਨਿੱਜੀ ਲਾਭ ਲਈ ਨਹੀਂ, ਸਗੋਂ ਸਮੂਹਿਕ ਹੱਕਾਂ, ਸਨਮਾਨ ਅਤੇ ਇਨਸਾਫ਼ ਲਈ ਹੈ। ਜਦੋਂ ਤੱਕ ਮੰਗਾਂ ਦਾ ਠੋਸ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ।