-ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਉਂਦਿਆਂ ਫੂਕੀ ਮੁੱਖ ਮੰਤਰੀ ਦੀ ਅਰਥੀ
ਬਰਨਾਲਾ ,01 ਜਨਵਰੀ (ਮੰਗਲ ਸਿੰਘ ) : ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ ‘ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐਨਐਚਐਮ) ਮੁਲਾਜ਼ਮਾਂ ਵੱਲੋਂ ਅੱਜ ਨਵੇਂ ਸਾਲ ਦੀ ਸ਼ੁਰੂਆਤ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤੀ। ਇਸ ਮੌਕੇ ਐਨਐਚਐਮ ਮੁਲਾਜ਼ਮਾਂ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਆਮ ਤੌਰ ‘ਤੇ ਇੱਕ ਦੂਜੇ ਨੂੰ ਵਧਾਈਆਂ ਦੇ ਸੰਦੇਸ਼ ਦਿੰਦਿਆਂ ਕੀਤੀ ਜਾਂਦੀ ਹੈ ਅਤੇ ਸਾਲ ਦੇ ਪਹਿਲੇ ਦਿਨ ਦੀ ਸ਼ੁਰੂਆਤ ਸ਼ੁੱਭ ਕੰਮ ਕਰਕੇ ਕੀਤੀ ਜਾਂਦੀ ਹੈ ਪਰ ‘ਕੱਚੇ’ ਹੋਣ ਦਾ ਸੰਤਾਪ ਹੰਢਾਉਣ ਕਾਰਨ ਉਹ ਚੰਨੀ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰ ਰਹੇ ਹਨ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵਾਂਗ ਚੰਨੀ ਸਰਕਾਰ ਵੀ ਸਿਰਫ ਫੋਕੇ ਵਾਅਦੇ ਅਤੇ ਫੋਕੇ ਲਾਰੇ ਲਾ ਕੇ ਡੰਗ ਟਪਾਈ ਕਰ ਰਹੀ ਹੈ ਜਿਸਨੂੰ ਨਵੇਂ ਸਾਲ ਦੇ ਪਹਿਲੇ ਹਫਤੇ ਹੀ ਘੇਰਿਆ ਜਾਵੇਗਾ। ਇਸ ਮੌਕੇ ਯੂਨੀਅਨ ਦੇ ਜਿਲਾ ਆਗੂ ਕਮਲਜੀਤ ਕੌਰ ਪੱਤੀ,ਸੰਦੀਪ ਕੌਰ ਸੀਐਚਓ,ਹਰਜੀਤ ਸਿੰਘ,ਮਨਜਿੰਦਰ ਸਿੰਘ,ਨਵਦੀਪ ਸਿੰਘ,ਮਨਦੀਪ ਕੌਰ,ਜਸਵਿੰਦਰ ਸਿੰਘ,ਰਾਕੇਸ਼ ਕੁਮਾਰ,ਯਾਦਵਿੰਦਰ ਸਿੰਘ,ਵਿਪਨ,ਵੀਰਪਾਲ ਕੌਰ,ਨਰਿੰਦਰ ਸਿੰਘ,ਸੁਖਪਾਲ ਸਿੰਘ,ਰੁਪਿੰਦਰ ਕੌਰ,ਦਲਵੀਰ ਸਿੰਘ ਆਦਿ ਨੇ ਕਿਹਾ ਕਿ ਯੋਗਤਾ ਅਨੁਸਾਰ ਰੁਜ਼ਗਾਰ ਅਤੇ ਰੁਜ਼ਗਾਰ ਅਨੁਸਾਰ ਮਿਹਨਤਾਨਾ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਪਰ ਸਾਡੇ ਮੁਲਕ ਵਿੱਚ ਯੋਗਤਾ ਹੋਣ ਦੇ ਬਾਵਜੂਦ ਬਣਦਾ ਮਿਹਨਤਾਨਾ ਨਹੀਂ ਮਿਲ ਰਿਹਾ ਹੈ ਜਿਸ ਕਾਰਨ ਪੜੇ ਲਿਖੇ ਲੱਖਾਂ ਨੌਜਵਾਨ ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਲਈ ਜਾ ਰਹੇ ਹਨ। ਐਨਐਚਐਮ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਨੂੰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ।
ਇਸ ਮੌਕੇ ਨਰੇਸ਼ ਕੁਮਾਰੀ, ਨੀਲੂ, ਵਿੱਕੀ, ਸੁਖਵਿੰਦਰ ਸਿੰਘ, ਨਰਿੰਦਰ ਪਾਲ, ਨੀਰਜ ਕੁਮਾਰੀ, ਸੁਰਜੀਤ ਸਿੰਘ, ਸੰਜੀਵ ਕੁਮਾਰ, ਨਵਦੀਪ ਕੌਰ, ਜਸਵਿੰਦਰ ਸਿੰਘ, ਸੀਮਾ, ਸਿਮਰਜੀਤ ਕੌਰ, ਸਰਬਜੀਤ ਕੌਰ, ਸੁਖਪਾਲ ਕੌਰ ਨੇ ਵੀ ਸੰਬੋਧਨ ਕੀਤਾ।