ਬਰਨਾਲਾ, 11 ਮਾਰਚ (ਨਿਰਮਲ ਸਿੰਘ ਪੰਡੋਰੀ) : ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਚੋਣਾਂ ’ਚ ਅਣਕਿਆਸੀ ਹਾਰ ਤੋਂ ਬਾਅਦ ਹਾਰ ਦਾ ਠੀਕਰਾ ਕੈਪਟਨ ਅਮਰਿੰਦਰ ਸਿੰਘ ਸਿਰ ਭੰਨ ਦਿੱਤਾ ਹੈ। ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਗੱਠਜੋੜ ਕਰਨਾ ਭਾਜਪਾ ਦੀ ਮਜ਼ਬੂਰੀ ਸੀ ਕਿਉਂਕਿ ਕਿਸਾਨੀ ਅੰਦੋਲਨ ਕਾਰਨ ਇੱਕ ਸਾਲ ਤੋਂ ਵੱਧ ਸਮਾਂ ਭਾਜਪਾ ਆਗੂ ਲੋਕਾਂ ਵਿੱਚ ਨਹੀਂ ਵਿਚਰ ਸਕੇ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਦੇ ਬਤੌਰ ਮੁੱਖ ਮੰਤਰੀ ਕਾਰਜਕਾਲ ਦੌਰਾਨ ਲੋਕਾਂ ਦੀ ਨਿਰਾਸ਼ਤਾ ਦਾ ਸ਼ਿਕਾਰ ਚੋਣਾਂ ਵਿੱਚ ਭਾਜਪਾ ਨੂੰ ਵੀ ਹੋਣਾ ਪਿਆ। ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਨਾਲ ਤਾਲਮੇੇਲ ਬਣਾ ਕੇ ਕੰਮ ਕੀਤਾ ਜਾਵੇ ਤਾ ਜੋ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ। ਹਰਜੀਤ ਗਰੇਵਾਲ ਨੇ ਆਪਣੇ ਰਵਾਇਤੀ ਅੰਦਾਜ਼ ਵਿੱਚ ਆਪ ਨੂੰ ਕੇਂਦਰ ਨਾਲ ਆਢਾ ਨਾ ਲਾਉਣ ਦੀ ਵੀ ਸਲਾਹ ਦਿੱਤੀ।