Gee 98News

ਆਗੇ ਆਗੇ ਦੇਖੋ ਹੋਤਾ ਹੈ ਕਿਆ…. ਮਾਮਲਾ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਦਾ

ਬਰਨਾਲਾ, 05 ਅਪ੍ਰੈਲ (ਨਿਰਮਲ ਸਿੰਘ ਪੰਡੋਰੀ))- ਪੰਜਾਬ ਦੇ ਨਿੱਜੀ ਸਕੂਲਾਂ ਨੇ ਫੀਸਾਂ ਨਾ ਵਧਾਉਣ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਹੁਕਮ ਜਾਰੀ ਕੀਤੇ ਸਨ ਕਿ ਪ੍ਰਾਈਵੇਟ ਸਕੂਲ ਫੀਸ ਵਿੱਚ ਵਾਧਾ ਨਹੀਂ ਕਰ ਸਕਣਗੇ ਪ੍ਰੰਤੂ ਨਿੱਜੀ ਸਕੂਲ ਐਸੋਸੀਏਸ਼ਨ ਨੇ ਮੁੱਖ ਮੰਤਰੀ ਦੇ ਇਨ੍ਹਾਂ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਪੰਜਾਬ ਸਕੂਲ ਫੀਸ ਰੈਗੂਲੇਟਰੀ ਐਕਟ ਸਾਲ-2016 ਤਹਿਤ ਹਰ ਸਾਲ ਸਕੂਲ 8 ਫ਼ੀਸਦੀ ਫੀਸ ਵਧਾ ਸਕਦੇ ਹਨ। ਨਿੱਜੀ ਸਕੂਲਾਂ ਦੇ ਪ੍ਰਬੰਧਕ ਇਹ ਵੀ ਤਰਕ ਦੇ ਰਹੇ ਹਨ ਕਿ ਵਧੀ ਹੋਈ ਮਹਿੰਗਾਈ ਕਾਰਨ ਫੀਸ ਵਿੱਚ ਵਾਧਾ ਜ਼ਰੂਰੀ ਹੈ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਫੀਸ ਨਾ ਵਧਾਉਣ ਸੰਬੰਧੀ ਮੁੱਖ ਮੰਤਰੀ ਦੇ ਹੁਕਮ ਉਨ੍ਹਾਂ ਦਾ ਨਿੱਜੀ ਬਿਆਨ ਹੋ ਸਕਦਾ ਹੈ, ਅਜਿਹਾ ਕੋਈ ਕਾਨੂੰਨ ਨਹੀਂ ਹੈ ਅਤੇ ਨਾ ਹੀ ਇਸ ਸਬੰਧੀ ਪੰਜਾਬ ਸਰਕਾਰ ਵਲੋਂ ਕੋਈ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਇਸ ਤਰ੍ਹਾਂ ਫੀਸਾਂ ਵਧਾਉਣ ਦੇ ਮਾਮਲੇ ‘ਚ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਸਕੂਲ ਆਹਮੋ ਸਾਹਮਣੇ ਆ ਗਏ ਹਨ। ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਆਪਣੇ ਲਹਿਜੇ ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਖਾਂ ਦਿਖਾ ਦਿੱਤੀਆਂ ਹਨ ਹੁਣ ਦੇਖਣਾ ਇਹ ਹੋਵੇਗਾ ਕਿ ਮੁੱਖ ਮੰਤਰੀ ਆਪਣੇ ਬਿਆਨ ਨੂੰ ਅਮਲੀ ਜਾਮਾ ਪਹਿਨਾਉਂਦੇ ਹਨ ਜਾਂ ਫਿਰ ਪਹਿਲੀਆਂ ਸਰਕਾਰਾਂ ਵਾਂਗ ਉਨ੍ਹਾਂ ਦੀ ਨਜ਼ਰ ਵੀ ਵਪਾਰਕ ਅਦਾਰੇ ਬਣਦੇ ਜਾ ਰਹੇ ਸਕੂਲਾਂ ਪ੍ਰਤੀ ਸਵੱਲੀ ਹੋ ਜਾਵੇਗੀ…ਆਗੇ ਆਗੇ ਦੇਖੋ ਹੋਤਾ ਹੈ ਕਿਆ…!

error: Content is protected !!