ਬਰਨਾਲਾ ਪ੍ਰਸਾਸ਼ਨ ਨੇ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਫੋਟੋ ਗੈਲਰੀ ਬਣਾਈ
ਬਰਨਾਲਾ, 27 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) :
ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜ਼ਿਲ੍ਹੇ ਨਾਲ ਸੰਬੰਧਿਤ ਆਜ਼ਾਦੀ ਘੁਲਾਟੀਆਂ ਨੂੰ ਸਤਿਕਾਰ ਦਿੰਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਜ਼ਦੀ ਘੁਲਾਟੀਆਂ ਦਾ ਸਮਰਪਿਤ ਫੋਟੋ ਗੈਲਰੀ ਬਣਾਈ ਗਈ ਹੈ। ਜਿਸ ਵਿੱਚ ਜ਼ਿਲ੍ਹੇ ਨਾਲ ਸੰਬੰਧਿਤ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਪ੍ਰਸਾਸ਼ਨ ਦੇ ਇਸ ਨਿਵੇਕਲੇ ਉਪਰਾਲੇ ਸੰਬੰਧੀ ਦੱਸਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰੀਸ ਨਾਇਰ ਨੇ ਆਖਿਆ ਕਿ ਸਰਕਾਰ ਵੱਲੋਂ ਵੱਲੋਂ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਇਹ ਫੋਟੋ ਗੈਲਰੀ ਬਣਾਈ ਗਈ ਹੈ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦਾ ਮਾਣ-ਸਨਮਾਨ ਬਰਕਰਾਰ ਰੱਖਣਾ ਸਾਡਾ ਸਭ ਦਾ ਫਰਜ਼ ਹੈ। ਉਨਾਂ ਆਖਿਆ ਕਿ ਇਸੇ ਉਦੇਸ਼ ਨਾਲ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਦੇ ਨਾਲ (ਗਰਾਊਂਡ ਫਲੋਰ) ਵੇਟਿੰਗ ਰੂਮ ਦੀ ਕੰਧ ’ਤੇ ਲਗਵਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਸ ਸਬੰਧੀ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ (ਰਜਿ) ਪੰਜਾਬ ਵੱਲੋਂ ਵੀ ਮੰਗ ਪੱਤਰ ਦਿੱਤਾ ਗਿਆ ਸੀ।










