Gee 98News

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰਾਂ ਨੇ ਚੁੱਕਿਆ ਝਾੜੂ

ਲੁਧਿਆਣਾ, 16 ਸਤੰਬਰ (ਜੀ98 ਨਿਊਜ਼ ਸਰਵਿਸ) :

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਆਪਣੀਆਂ ਪੁਰਾਣੀਆਂ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਹਾਜ਼ਰੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। ਲੁਧਿਆਣਾ ਨਗਰ ਨਿਗਮ ਦੇ ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਅਮਿਤ ਵਰਸਾ ਰਾਮਪਾਲ ਅਤੇ ਕਾਲਾ ਗੌਤਮ ਚੰਡੀਗੜ ਪਾਰਟੀ ਹੈੱਡਕੁਆਰਟਰ ਵਿਖੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਅਕਾਲੀ ਦਲ ਦੇ ਸਾਬਕਾ ਕੌਂਸਲਰ ਤਨਵੀਰ ਸਿੰਘ ਧਾਲੀਵਾਲ, ਸਾਬਕਾ ਕਾਂਗਰਸੀ ਕੌਂਸਲਰ ਸਤਵਿੰਦਰ ਸਿੰਘ ਜਵੱਦੀ ਅਤੇ ਆਜ਼ਾਦ ਸਾਬਕਾ ਕੌਂਸਲਰ ਕਪਿਲ ਕੁਮਾਰ ਸੋਨੂੰ ਵੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੀ ਸਕੱਤਰ ਰੋਮਿਲਾ ਬਾਂਸਲ ਅਤੇ ਫੂਲ ਬਦਨ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ ਹਨ। ਆਰਟੀਆਈ ਐਕਟਿਵਿਸਟ ਅਤੇ ਆਰਟੀਆਈ ਸੈੱਲ ਦੇ ਜ਼ਿਲਾ ਪ੍ਰਧਾਨ ਦਿਨੇਸ ਮੱਕੜ ਵੀ ‘ਆਪ’ ਨਾਲ ਜੁੜ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਦੇ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ। ਉਨਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਾਂਗ ਨਗਰ ਨਿਗਮ ਚੋਣਾਂ ਵਿੱਚ ਵੀ ਇਕਪਾਸੜ ਜਿੱਤ ਦਰਜ ਕਰੇਗੀ।

error: Content is protected !!