ਬਰਨਾਲਾ, 12 ਅਕਤੂਬਰ (ਨਿਰਮਲ ਸਿੰਘ ਪੰਡੋਰੀ) :
ਜ਼ਿਲ੍ਹਾ ਮੈਜਿਸਟਰੇਟ ਡਾ. ਹਰੀਸ਼ ਨਈਅਰ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਨ ਵਿਅਕਤੀ ਨੂੰ ਬਿਨ੍ਹਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ। ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ। ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਜਾਰੀ ਇਨ੍ਹਾਂ ਹੁਕਮਾਂ ਮੁਤਾਬਕ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ’ਤੇ ਸ਼ੱਕ ਹੋਣ ’ਤੇ ਕੈਫੇ ਮਾਲਕ ਤੁਰੰਤ ਪੁਲਿਸ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ। ਇਹ ਹੁਕਮ ਮਿਤੀ 26 ਨਵੰਬਰ 2022 ਤੱਕ ਲਾਗੂ ਰਹਿਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟੇ੍ਟ ਨੇ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣ ਦੀ ਹਦਾਇਤ ਕੀਤੀ ਹੈ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋਂ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨ੍ਹਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ। ਉਨ੍ਹਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਾਉਣਾ ਜ਼ਰੂਰੀ ਹੋਵੇਗਾ। ਜੇਕਰ ਪੰਪ ਦੀ ਮੁਰੰਮਤ ਕਰਨੀ ਹੈ ਤਾਂ ਖੂਹ ਜਾਂ ਬੋਰ ਖੁੱਲਾ ਨਹੀ ਛੱਡਿਆ ਜਾਵੇਗਾ।









