-ਬਰਨਾਲਾ ਦੀ ਆਨਾਜ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਸ੍ਰੀ ਕਟਾਰੂਚੱਕ
ਬਰਨਾਲਾ, 12 ਅਕਤੂਬਰ (ਨਿਰਮਲ ਸਿੰਘ ਪੰਡੋਰੀ) :
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮੁੱਦੇ ’ਤੇ ਕਿਸਾਨਾਂ ਖਿਲਾਫ਼ ਸਖ਼ਤੀ ਦੀਆਂ ਧਮਕੀਆਂ ਤੋਂ ਬਦਲਦੇ ਹੋਏ ਸਰਕਾਰ ਕਿਸਾਨਾਂ ਨੂੰ ਗੁਰੂ ਸਹਿਬਾਨਾਂ ਦੀ ਸਿੱਖਿਆ ਦਾ ਹਵਾਲਾ ਦਿੰਦੇ ਹੋਏ ਵਾਤਾਵਰਣ ਨੂੰ ਬਚਾਉਣ ਲਈ ਅਪੀਲਾਂ ਕਰ ਰਹੀ ਹੈ। ਸਥਾਨਕ ਅਨਾਜ ਮੰਡੀ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਝੋਨੇ ਦੀ ਪਰਾਲੀ ਦਾ ਧੰੂਆਂ ਸਭ ਤੋਂ ਪਹਿਲਾਂ ਕਿਸਾਨਾਂ ਅਤੇ ਸੂਬਾ ਵਾਸੀਆਂ ਦੇ ਪਰਿਵਾਰਾਂ ਤੇ ਬੱਚਿਆਂ ਨੂੰ ਹੀ ਤੰਗ ਕਰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਪ੍ਰਤੀ ਗੁਰੂ ਸਹਿਬਾਨਾਂ ਵੱਲੋਂ ਦਿੱਤੇ ਸੰਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗ ਨਹੀਂ ਲਗਾਉਣੀ ਚਾਹੀਦੀ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 1.25 ਲੱਖ ਨਵੀਆਂ ਮਸ਼ੀਨਾਂ ਪਰਾਲੀ ਪ੍ਰਬੰਧਨ ਲਈ ਵੰਡੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਵਰਤੋਂ ਕਰਦਿਆਂ ਪਰਾਲੀ ਦੀ ਸਾਂਭ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚ ਕੁੱਲ 11.50 ਲੱਖ ਮੀਟਿ੍ਰਕ ਟਨ ਝੋਨਾ ਮੰਡੀਆਂ ‘ਚ ਪੁੱਜ ਚੁੱਕਾ ਹੈ, ਜਿਸ ਵਿੱਚੋਂ 11 ਲੱਖ ਟਨ ਖਰੀਦ ਲਿਆ ਗਿਆ ਹੈ ਅਤੇ ਕਿਸਾਨਾਂ ਨੂੰ 800 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸੂਬੇ ’ਚ ਝੋਨੇ ਦੀ ਖ਼ਰੀਦ ਸੰੰਬੰਧੀ ਉਨਾਂ ਦਾਅਵਾ ਕੀਤਾ ਕਿ ਕਿਸਾਨਾਂ , ਆੜਤੀਆਂ, ਸ਼ੈਲਰ ਮਾਲਕਾਂ ਨੂੰ ਬਿਨਾਂ ਕੋਈ ਸਮੱਸਿਆ ਆਉਣ ਤੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦ ਕੀਤਾ ਜਾਵੇਗਾ ਅਤੇ ਬਣਦੇ ਪੈਸੇ ਕਿਸਾਨਾਂ ਦੇ ਖਾਤਿਆਂ ’ਚ ਤੁਰੰਤ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਬਾਹਰਲੇ ਰਾਜਾਂ ਤੋਂ ਝੋਨੇ ਦੀ ਫਸਲ ਪੰਜਾਬ ਦੀ ਹਦੂਦ ਅੰਦਰ ਨਹੀਂ ਆਉਣ ਦਿੱਤੀ ਜਾਵੇਗੀ। ਆਟਾ-ਦਾਲ ਸਕੀਮ ਦੇ ਕਾਰਡਾਂ ਦੀ ਪੜਤਾਲ ਸੰਬੰਧੀ ਸ੍ਰੀ ਕਟਾਰੂ ਚੱਕ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਤੋਂ ਬਾਅਦ ਕਾਰਡਾਂ ਦੀ ਪੜਤਾਲ ਤੇਜ਼ ਕਰਕੇ ਗਲਤ ਲਾਭਪਾਤਰੀਆਂ ਨੂੰ ਸੂਚੀ ’ਚ ਹਟਾ ਦਿੱਤਾ ਜਾਵੇਗਾ। ਬੀਕੇਯੂ ਉਗਰਾਹਾਂ ਵੱਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਉਣ ਸੰਬੰਧੀ ਮੰਤਰੀ ਨੇ ਕਿਹਾ ਕਿ ਧਰਨੇ/ਮੋਰਚੇ ਲਗਾਉਣੇ ਹਰ ਇੱਕ ਦਾ ਜਮਹੂਰੀ ਹੱਕ ਹੈ । ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਨਾਮਜ਼ਦ ‘ਏ’ ਸ਼੍ਰੇਣੀ ਦੇ ਗੈਂਗਸਟਰ ਦੀ ਫਰਾਰੀ ਸੰਬੰਧੀ ਮੰਤਰੀ ਨੇ ਸਵਾਲ ਦਾ ਜਵਾਬ ਗੋਲਮੋਲ ਕਰਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਅਕਸਰ ਵਾਪਰ ਜਾਂਦੀਆਂ ਹਨ ਫਿਰ ਵੀ ਫਰਾਰ ਗੈਂਗਸਟਰ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਪੰਜਾਬ ਦੇ ਆੜਤੀਆਂ ਨੂੰ ਮੰਡੀ ਸਿਸਟਮ ’ਚੋ ਬਾਹਰ ਕੀਤੇ ਜਾਣ ਦੇ ਖਦਸ਼ੇ ਸੰੰਬੰਧੀ ਬਰਨਾਲਾ ਦੇ ਇੱਕ ਆੜਤੀਏ ਵੱਲੋਂ ਕੀਤੇ ਸਵਾਲ ਦੇ ਜਵਾਬ ’ਚ ਸ੍ਰੀ ਕਟਾਰੂਚੱਕ ਨੇ ਭਰੋਸਾ ਦਿੱਤਾ ਕਿ ਸੂਬੇ ਦੀ ਖ਼ਰੀਦ ਪ੍ਰਣਾਲੀ ’ਚੋਂ ਆੜਤੀਆਂ ਨੂੰ ਬਾਹਰ ਨਹੀਂ ਕੀਤਾ ਜਾਵੇਗਾ। ਮੰਡੀ ਵਿੱਚੋ ਰਾਤ ਸਮੇਂ ਝੋਨੇ ਦੀਆਂ ਬੋਰੀਆਂ ਚੋਰੀ ਹੋਣ ਵੱਲ ਇਕ ਮਜ਼ਦੂਰ ਵੱਲੋਂ ਧਿਆਨ ਦਿਵਾਏ ਜਾਣ ’ਤੇ ਮੰਤਰੀ ਨੇ ਮੌਕੇ ’ਤੇ ਹਾਜ਼ਰ ਡਿਪਟੀ ਕਮਿਸ਼ਨਰ ਨੂੰ ਰਾਤ ਵੇਲੇ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਐਸਡੀਐਮ ਗੋਪਾਲ ਸਿੰਘ, ਜ਼ਿਲਾ ਫੂਡ ਸਪਲਾਈ ਕੰਟਰੋਲਰ ਹਰਪ੍ਰੀਤ ਸਿੰਘ, ਆਪ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।








