ਚੰਡੀਗੜ੍ਹ,11 ਨਵੰਬਰ (ਨਿਰਮਲ ਸਿੰਘ ਪੰਡੋਰੀ) :
ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਮਾਮਲੇ ’ਚ ਜੇਲ੍ਹ ਵਿੱਚ ਬੰਦ ਦੋਸ਼ੀ ਨਲਿਨੀ , ਰਵੀਚੰਦਰਨ ਸਮੇਤ 6 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਲੱਗਭੱਗ 30 ਸਾਲ ਤੋਂ ਵੱਧ ਸਮੇਂ ਤੋਂ ਇਹ ਦੋਸ਼ੀ ਜੇਲ੍ਹਾ ਵਿੱਚ ਬੰਦ ਸਨ। ਪਹਿਲਾਂ ਵੀ ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਕਤਲ ਕਾਂਡ ਦੇ ਇੱਕ ਦੋਸ਼ੀ ਪੇਰਾਰੀਵਲਨ ਨੂੰ ਰਿਹਾਅ ਕੀਤਾ ਸੀ, ਉਸ ਦੀ ਰਿਹਾਾਈ ਦੇ ਆਧਾਰ ’ਤੇ ਹੀ ਰਾਜੀਵ ਗਾਂਧੀ ਕਤਲ ਕਾਂਡ ਦੇ ਬਾਕੀ ਦੋਸ਼ੀਆਂ ਨੇ ਰਿਹਾਈ ਦੀ ਮੰਗ ਕੀਤੀ ਸੀ ਅਤੇ ਇਨਾਂ ਦੋਸ਼ੀਆਂ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਕਤਲ ਕਾਂਡ ਦੇ 6 ਦੋਸ਼ੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਦੇ ਇਨ੍ਹਾਂ ਹੁਕਮਾਂ ਦੀ ਰੌਸ਼ਨੀ ਵਿੱਚ ਬੰਦੀ ਸਿੰਘਾਂ ਦਾ ਮਸਲਾ ਇੱਕ ਵਾਰ ਫਿਰ ਉੱਠੇਗਾ, ਜੋ ਕਈ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਪਿਛਲੇ ਸਮੇਂ ਦੌਰਾਨ ਵੀ ਪੰਜਾਬ ’ਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚਰਚਾ ਵਿੱਚ ਰਿਹਾ ਹੈ ਪ੍ਰੰਤੂ ਸਰਕਾਰ ਨੇ ਅਜੇ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਸੰਬੰਧੀ ਕੋਈ ਕਦਮ ਨਹੀਂ ਚੁੱਕਿਆ, ਜੋ ਆਪਣੇ ਜ਼ੁਰਮ ਦੀ ਬਣਦੀ ਸਜ਼ਾ ਤੋਂ ਵੱਧ ਸਜ਼ਾ ਜੇਲ੍ਹ ਵਿੱਚ ਕੱਟ ਚੁੱਕੇ ਹਨ।








