ਬਰਨਾਲਾ, 18 ਨਵੰਬਰ (ਨਿਰਮਲ ਸਿੰਘ ਪੰਡੋਰੀ) :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਭਿ੍ਰਸਟਾਚਾਰ ਨੂੰ ਜੜੋਂ ਖ਼ਤਮ ਕਰਨ ਦੇ ਉਦੇਸ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਲੀਗਲ ਮੈਟਰੋਲੋਜੀ (ਮਾਪ ਅਤੇ ਤੋਲ) ਵਰਿੰਦਰਪਾਲ ਸਰਮਾ ਨੂੰ 4,380 ਰੁਪਏ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਰਿੰਦਰਪਾਲ ਸ਼ਰਮਾ ਨੂੰ ਲੀਗਲ ਮੈਟਰੋਲੋਜੀ ਵਿਭਾਗ ਦੇ ਲਾਇਸੰਸਸੁਦਾ ਮੁਰੰਮਤਸਾਜ (ਰਿਪੇਅਰਰ) ਪੰਕਜ ਕੁਮਾਰ ਦੀ ਸ਼ਿਕਾਇਤ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਹੈ ਕਿ ਉਕਤ ਇੰਸਪੈਕਟਰ ਲੀਗਲ ਮੈਟਰੋਲੋਜੀ ਉਸ ਕੋਲੋਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਪ੍ਰਤੀ ਧਰਮ ਕੰਡਾ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜਮ ਇੰਸਪੈਕਟਰ ਪਹਿਲਾਂ ਵੀ ਉਸ ਤੋਂ 4900 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਸੂਚਨਾ ਦੀ ਤਸਦੀਕ ਕਰਨ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਪਰੋਕਤ ਮੁਲਜਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,380 ਰੁਪਏ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।








