ਚੰਡੀਗੜ੍ਹ :- ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਨੇ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਬੇਰੁਖੀ ਦੇ ਰੋਸ ਵਜੋਂ 30 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਘੇਰਨ ਦਾ ਐਲਾਨ ਕੀਤਾ ਹੈ। ਪੰਜਾਬ ਖ਼ੇਤ ਮਜ਼ਦੂਰ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ , ਕੁੱਲਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਇੱਕ ਸਾਂਝੀ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਤੋਂ ਖ਼ਫਾ ਹੋ ਕੇ ਅਤੇ ਵਿੱਤ ਮੰਤਰੀ ਵੱਲੋਂ ਮੀਟਿੰਗ ਵਿੱਚ ਮੰਨੀਆਂ ਮੰਗਾਂ ਲਾਗੂ ਨਾ ਕੀਤੇ ਜਾਣ ’ਤੇ ਸਰਕਾਰ ਖਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ 3 ਅਕਤੂਬਰ ਨੂੰ ਮੁੱਖ ਮੰਤਰੀ ਨੇ ਸਮਾਂ ਦੇ ਕੇ ਮੀਟਿੰਗ ਨਹੀਂ ਕੀਤੀ ਅਤੇ ਦੁਬਾਰਾ ਸਮਾਂ ਨਹੀਂ ਦਿੱਤਾ। 6 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਵਿੱਚ ਪ੍ਰਵਾਨ ਕੀਤੀਆਂ ਮੰਗਾਂ ਉੱਪਰ ਵੀ ਕੋਈ ਅਮਲ ਸ਼ੁਰੂ ਨਹੀਂ ਕੀਤਾ ਗਿਆ, ਜਿਸ ਕਰਕੇ ਸੂਬੇ ਦੇ ਮਜ਼ਦੂਰ ਵਰਗ ’ਚ ਸਰਕਾਰ ਪ੍ਰਤੀ ਰੋਸ ਹੈ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਅਤੇ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਠੇਕੇ ’ਤੇ ਮਜ਼ਦੂਰਾਂ ਨੂੰ ਦੇਣ ਸਮੇਤ ਮਜ਼ਦੂਰ ਵਰਗ ਦੀਆਂ ਕੁਝ ਅਹਿਮ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ । ਜਿਸ ਕਰਕੇ 30 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ।