Gee 98News

‘ਆਪ’ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਧਾਰੀ ਬੇਰੁਖੀ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-PSSF

ਡੀ ਸੀ ਦਫਤਰ ਬਰਨਾਲਾ ਅੱਗੇ ਕੀਤਾ ਵਿਸ਼ਾਲ ਰੋਸ ਮੁਜ਼ਾਹਰਾ

ਬਰਨਾਲਾ 10 ਜਨਵਰੀ (ਸੋਨੀ ਧਨੌਲਾ)-

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜਿਲ੍ਹਾ ਬਰਨਾਲਾ ਵਲੋਂ ਸੁਬਾਈ ਸੱਦੇ ‘ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਚੀਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਤੇਜਿੰਦਰ ਸਿੰਘ ਤੇਜੀ ਦੀ ਪ੍ਰਧਾਨਗੀ ਹੇਠ ਡੀ ਸੀ ਦਫਤਰ ਬਰਨਾਲਾ ਵਿਖੇ ਵਿਸ਼ਾਲ ਰੈਲੀ ਤੇ ਮੁਜ਼ਾਹਰਾ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਵਿਸੇਸ਼ ਤੌਰ ‘ਤੇ ਸ਼ਾਮਿਲ ਹੋਏ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ ਤੇ ਅਨਿਲ ਕੁਮਾਰ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲੈ ਕੇ ਗੱਦੀ ‘ਤੇ ਬਿਰਾਜਮਾਨ ਹੋਈ ਪੰਜਾਬ ਦੀ ਆਪ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਧਾਰੀ ਬੇਰੁਖੀ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮੁਲਜ਼ਮਾਂ ਦੀ ਸਿਰਮੌਰ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਨੇ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਲੜਨ ਦਾ ਤਹੱਈਆ ਕਰ ਲਿਆ ਹੈ।ਇਸ ਮੌਕੇ ਸੈਂਕੜੇ ਸਾਥੀਆਂ ਨੇ ਫੈਡਰੇਸ਼ਨ ਦੇ ਝੰਡੇ ਹੇਠ ਡੀ ਸੀ ਦਫਤਰ ਵਿੱਚੋਂ ਨੌਕਰੀ ਤੋਂ ਕੱਢੇ ਮੁਲਾਜ਼ਮਾਂ ਦੇ ਭੁੱਖ ਹੜਤਾਲੀ ਕੈਂਪ ਵਿੱਚ ਸ਼ਾਮਲ ਹੋ ਕੇ ਪੁਰਜ਼ੋਰ ਸਮਰਥਨ ਕੀਤਾ ਅਤੇ ਮੁੜ ਨੌਕਰੀ ਬਹਾਲੀ ਦੀ ਮੰਗ ਕੀਤੀ ਗਈ।ਇਸ ਮੌਕੇ ਆਸ਼ਾ ਵਰਕਰ ਯੂਨੀਅਨ ਦੀ ਆਗੂ ਸੰਦੀਪ ਕੌਰ ਪੱਤੀ, ਵਿਨੋਦ ਸ਼ਰਮਾ,ਵੀਰਪਾਲ ਕੌਰ, ਬਲਜੀਤ ਕੌਰ ਬਰਨਾਲਾ, ਪ੍ਰਕਾਸ਼ ਧਨੌਲਾ, ਭੁਪਿੰਦਰ ਤਾਜੋਕੇ, ਸਰਬਜੀਤ ਕੌਰ ਹੰਡਿਆਇਆ, ਮਿਡ ਡੇ ਮੀਲ ਵਰਕਰ ਯੂਨੀਅਨ ਦੀ ਰਾਣੋ ਕੌਰ, ਗੁਰਮੀਤ ਕੌਰ ਹੰਡਿਆਇਆ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਝੂਠੀ ਇਸ਼ਤਿਹਾਰਬਾਜੀ ਕਰ ਕੇ ਆਮ ਲੋਕਾਂ ਦੇ ਅੱਖੀਂ ਘੱਟਾ ਪਾਉਣ ਦਾ ਕੋਝਾ ਯਤਨ ਕਰ ਰਹੀ ਹੈ । ਆਗੂਆਂ ਨੇ ਕਿਹਾ ਕਿ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਜਾਰੀ ਕੀਤਾ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਲੰਗੜਾ ਨੋਟੀਫਿਕੇਸ਼ਨ ਅਜੇ ਤੱਕ ਵੀ ਮੁਲਜ਼ਮਾਂ ਦਾ ਮੂੰਹ ਚਿੜਾ ਰਿਹਾ ਹੈ ਪਰ ਹਕੀਕੀ ਰੂਪ ਵਿੱਚ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹਨਾਂ ਰੋਸ ਧਰਨਿਆਂ ਉਪਰੰਤ ਵੀ ਦੋ-ਧਿਰੀ ਗੱਲਬਾਤ ਰਾਹੀਂ ਮੁਲਾਜ਼ਮ ਮਸਲਿਆਂ ਨੂੰ ਨਿਬੇੜਨ ਦਾ ਯਤਨ ਨਾ ਕੀਤਾ ਤਾਂ ਇਸ ਸੰਘਰਸ਼ ਨੂੰ ਹੋਰ ਵੱਡਾ ਕਰ ਕੇ ਪੰਜਾਬ ਸਰਕਾਰ ਦੀਆਂ ਬਰੂਹਾਂ ਤੱਕ ਲਿਜਾ ਕੇ ਫੈਸਲਾਕੁੰਨ ਸੰਘਰਸ਼ ਕੀਤਾ ਜਾਵੇਗਾ।

Gee98 Ads

error: Content is protected !!