Gee 98News

ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਵੱਡੇ ਅਫ਼ਸਰਾਂ ਵੱਲ ਕੀਤੀ ਉਂਗਲ..!

ਗੈਂਗਸਟਰ ਦੀਪਕ ਟੀਨੂੰ ਦੀ ਫਰਾਰੀ ਦਾ ਮਾਮਲਾ

ਬਰਨਾਲਾ 13 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਨੂੰ ਸੀਆਈਏ ਮਾਨਸਾ ਦੀ ਹਿਰਾਸਤ ਵਿੱਚੋਂ ਭਜਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਦੀਪਕ ਟੀਨੂੰ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਕੁੱਝ ਵੱਡੇ ਅਧਿਕਾਰੀਆਂ ਵੱਲ ਉਂਗਲ ਕੀਤੀ ਹੈ। ਮਾਨਸਾ ਅਦਾਲਤ ਵਿੱਚ ਲਗਾਈ ਆਪਣੀ ਜ਼ਮਾਨਤ ਅਰਜ਼ੀ ਵਿੱਚ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਉਸ ਨੂੰ ਇਸ ਮਾਮਲੇ ਵਿਚ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ। ਪ੍ਰਿਤਪਾਲ ਸਿੰਘ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀਆਂ ਦੀ ਸ਼ਮੂਲੀਅਤ ਹੈ ਪ੍ਰੰਤੂ ਇਨ੍ਹਾਂ ਅਧਿਕਾਰੀਆਂ ਦਾ ਨਾਮ ਲੈਣ ਤੋਂ ਪਰਹੇਜ਼ ਕਰਦੇ ਹੋਏ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਅਧਿਕਾਰੀਆਂ ਦਾ ਨਾਮ ਲੈਣਾ ਠੀਕ ਨਹੀਂ ਹੈ । ਪ੍ਰਿਤਪਾਲ ਸਿੰਘ ਦੇ ਇਹਨਾਂ ਸ਼ਬਦਾਂ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਮੁੱਚੀ ਪ੍ਰਕਿਰਿਆ ਵਿਚ ਪੰਜਾਬ ਪੁਲਿਸ ਨੂੰ ਦੋਸ਼ੀਆਂ ਦੇ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ । ਭਾਵੇਂ ਕਿ ਮਾਨਯੋਗ ਜੱਜ ਨੇ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਪ੍ਰੰਤੂ ਆਪਣੀ ਜ਼ਮਾਨਤ ਅਰਜ਼ੀ ਵਿੱਚ ਸੰਗੀਨ ਦੋਸ਼ਾਂ ਦਾ ਜ਼ਿਕਰ ਕਰਨਾ ਕੋਈ ਆਮ ਜਿਹੀ ਗੱਲ ਨਹੀਂ ਹੈ। ਇਥੇ ਇਹ ਗੱਲ ਧਿਆਨ ਵਿੱਚ ਰਹੇ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਮਾਪਿਆਂ ਵੱਲੋਂ ਅਕਸਰ ਇਹ ਕਿਹਾ ਜਾਂਦਾ ਰਿਹਾ ਹੈ ਕਿ ਉਨ੍ਹਾਂ ਨੂੰ ਕਤਲ ਕਾਂਡ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਦੇ ਮਾਮਲੇ ਨਾਲ ਜੁੜੇ ਮਾਨਸਾ ਪੁਲਿਸ ਦੇ ਕੁਝ ਅਧਿਕਾਰੀਆਂ ਦੀ ਭੂਮਿਕਾ ਠੀਕ ਨਹੀਂ ਲੱਗ ਰਹੀ । ਬਹਰਹਾਲ ! ਦੀਪਕ ਟੀਨੂੰ ਨੂੰ ਭਜਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਵੱਲੋਂ ਵੱਡੇ ਪੁਲਿਸ ਅਧਿਕਾਰੀਆਂ ਵੱਲ ਕੀਤੀ ਉਂਗਲ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਸਬੰਧੀ ਨਵੀਂ ਚਰਚਾ ਛੇੜ ਦਿੱਤੀ ਹੈ।

Gee98 Ads
error: Content is protected !!