ਬਰਨਾਲਾ 30 ਜਨਵਰੀ (ਨਿਰਮਲ ਸਿੰਘ ਪੰਡੋਰੀ)-
*ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆ ਕਾਂਤ ਨੇ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਕੇਸ ਵਿੱਚ ਜ਼ਮਾਨਤ ਦੇਣ ਵਾਲੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਇਹ ਮਾਮਲਾ ਸੋਮਵਾਰ ਨੂੰ ਜਸਟਿਸ ਸੂਰਿਆ ਕਾਂਤ ਅਤੇ ਜੇ.ਕੇ. ਮਹੇਸ਼ਵਰੀ ਦੇ ਸਾਹਮਣੇ ਸੁਣਵਾਈ ਲਈ ਆਇਆ ਤਾਂ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਉਸ ਬੈਂਚ ਦਾ ਹਿੱਸਾ ਹਨ ਜਿਸ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਟਾਸਕ ਫੋਰਸ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ਬੈਂਚ ਨੇ ਹੁਕਮ ਦਿੱਤਾ: “ਮਾਮਲੇ ਨੂੰ ਉਸ ਬੈਂਚ ਦੇ ਸਾਹਮਣੇ ਸੂਚੀਬੱਧ ਕੀਤਾ ਜਾਵੇ ਜਿਸ ਵਿੱਚ ਸਾਡੇ ਵਿੱਚੋਂ ਕੋਈ (ਜਸਟਿਸ ਕਾਂਤ) ਮੈਂਬਰ ਨਹੀਂ ਹੈ।” ਜ਼ਿਕਰਯੋਗ ਹੈ ਕਿ ਮਜੀਠੀਆ ਨਸ਼ੇ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਪੰਜ ਮਹੀਨੇ ਤੋਂ ਵੱਧ ਸਮਾਂ ਬਿਤਾਉਣ ਤੋਂ ਬਾਅਦ ਰਿਹਾਅ ਹੋਇਆ ਸੀ। ਮਜੀਠੀਆ ‘ਤੇ ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ (STF) ਦੀ 2018 ਦੀ ਰਿਪੋਰਟ ਦੇ ਆਧਾਰ ‘ਤੇ ਸੂਬੇ ‘ਚ ਡਰੱਗ ਰੈਕੇਟ ‘ਚ ਮਾਮਲਾ ਦਰਜ ਕੀਤਾ ਗਿਆ ਸੀ।








