Gee 98News

ਅਧਿਆਪਕਾਂ ਨੂੰ ਨਹੀਂ ਮਿਲੀ ਜਨਵਰੀ ਮਹੀਨੇ ਦੀ ਤਨਖਾਹ, ਮੋਬਾਈਲ ਭੱਤਾ ਵੀ ਰੋਕਿਆ

ਬਰਨਾਲਾ 07 ਫਰਵਰੀ (ਨਿਰਮਲ ਸਿੰਘ ਪੰਡੋਰੀ)-ਇਕ ਪਾਸੇ ਪੰਜਾਬ ਸਰਕਾਰ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਦਿਵਾਉਣ ਲਈ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਪਰੰਤੂ ਦੂਜੇ ਪਾਸੇ ਸਮੇਂ ਸਿਰ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ। ਕੁਝ ਅਧਿਆਪਕਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਲੋੜੀਂਦਾ ਬਜਟ ਉਪਲੱਬਧ ਨਾ ਹੋਣ ਕਾਰਨ ਬਹੁਤ ਸਾਰੇ ਅਧਿਆਪਕਾਂ ਨੂੰ ਹਾਲੇ ਤੱਕ ਜਨਵਰੀ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ ਅਤੇ ਖਜ਼ਾਨਾ ਅਫ਼ਸਰਾਂ ਵੱਲੋਂ ਜ਼ੁਬਾਨੀ ਹੁਕਮ ਰਾਹੀਂ ਮੋਬਾਈਲ ਭੱਤਾ ਵੀ ਰੋਕਿਆ ਗਿਆ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਸਿਰਫ਼ ਸ਼ੋਸ਼ੇਬਾਜ਼ੀ ਕਰਕੇ ਹੀ ਸਿੱਖਿਆ ਵਿਭਾਗ ਨੂੰ ਚਮਕਾਉਣਾ ਚਾਹੁੰਦੀ ਹੈ ਜਦਕਿ ਅਸਲੀ ਹਾਲਾਤ ਕੁਝ ਹੋਰ ਹਨ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਸਰਕਾਰ ਸਕੂਲਾਂ ਨਾਲ ਸਬੰਧਤ ਇਸ਼ਤਿਹਾਰਬਾਜ਼ੀ ਉਪਰ ਤਾਂ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਪ੍ਰੰਤੂ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਦਿੱਤੀ ਜਾ ਰਹੀ। ਤਨਖਾਹ ਨਾ ਮਿਲਣ ਕਾਰਨ ਜੇਕਰ ਅਧਿਆਪਕ ਆਰਥਿਕ ਤੰਗੀ ਨਾਲ ਜੂਝਣਗੇ ਜਾਂ ਸੜਕਾਂ ‘ਤੇ ਧਰਨੇ ਲਾਉਣਗੇ ਤਾਂ ਸਕੂਲਾਂ ਵਿੱਚ ਪੜ੍ਹਾਈ ਦੇ ਹਾਲਾਤਾਂ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਨਹੀਂ ਹੈ।

error: Content is protected !!